“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੈਗਾ ਜਾਗੂਕਤਾ ਰੈਲੀ ਅੱਜ
- 49 Views
- kakkar.news
- April 21, 2025
- Punjab
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੈਗਾ ਜਾਗੂਕਤਾ ਰੈਲੀ ਅੱਜ
ਫ਼ਿਰੋਜ਼ਪੁਰ, 21 ਅਪ੍ਰੈਲ 2025 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਸੂਬੇ ਵਿੱਚ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ 22 ਅਪ੍ਰੈਲ (ਮੰਗਲਵਾਰ) ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫ਼ਿਰੋਜ਼ਪੁਰ ਵਿਖੇ ਇਕ ਮੈਗਾ ਰੈਲੀ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਢੀ ਜਾਣ ਵਾਲੀ ਇਸ ਮੈਗਾ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਰੈਲੀ ਦੌਰਾਨ ਨੌਜਵਾਨ, ਵਿਦਿਆਰਥੀ ਅਤੇ ਮੁਲਾਜਮਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ / ਬੈਨਰ ਫ਼ੜ੍ਹ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੈਗਾ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਖਿਡਾਰੀ ਬਣਨ ਦਾ ਸੁਨੇਹਾ ਵੀ ਦੇਵੇਗੀ। ਇਸ ਰੈਲੀ ਵਿੱਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਯੁਵਕ ਸਭਾਵਾਂ ਦੇ ਮੈਂਬਰ, ਐਨ.ਜੀ.ਓਜ਼ ਦੇ ਨੁਮਾਂਇੰਦੇ, ਕਰਮਚਾਰੀਆਂ/ਅਧਿਕਾਰੀਆਂ ਤੋਂ ਇਲਾਵਾ ਆਮ ਲੋਕ ਵੀ ਸ਼ਾਮਿਲ ਹੋਣਗੇ।
ਉਨ੍ਹਾਂ ਕਿਹਾ ਕਿ ਇਹ ਮੈਗਾ ਰੈਲੀ ਸਵੇਰੇ 06:00 ਵਜੇ ਕੰਟੋਨਮੈਂਟ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਾਰਗੜ੍ਹੀ ਗੁਰਦੁਆਰਾ ਸਾਹਿਬ ਜਾ ਕੇ ਸਮਾਪਤ ਹੋਵੇਗੀ।


