ਫਿਰੋਜ਼ਪੁਰ ਜ਼ਿਲ੍ਹੇ ‘ਚ ਜ਼ਰੂਰੀ ਵਸਤਾਂ ਦੀ ਭੰਡਾਰਨ ‘ਤੇ ਮਨਾਹੀ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
- 274 Views
- kakkar.news
- May 8, 2025
- Punjab
ਫਿਰੋਜ਼ਪੁਰ ਜ਼ਿਲ੍ਹੇ ‘ਚ ਜ਼ਰੂਰੀ ਵਸਤਾਂ ਦੀ ਭੰਡਾਰਨ ‘ਤੇ ਮਨਾਹੀ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
ਫਿਰੋਜ਼ਪੁਰ, 8 ਮਈ 2025 ( ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ, ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਜਨਤਕ ਹਿੱਤਾਂ ਦੀ ਸੁਰੱਖਿਆ ਅਤੇ ਜ਼ਰੂਰੀ ਵਸਤੂਆਂ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰ ਦਿੱਤੇ ਹਨ।
ਇਨ੍ਹਾਂ ਹੁਕਮਾਂ ਅਧੀਨ ਜ਼ਿਲ੍ਹੇ ਵਿੱਚ ਕਿਸੇ ਵੀ ਵਿਅਕਤੀ ਜਾਂ ਵਪਾਰੀ ਨੂੰ ਅਨਾਜ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ, ਦਵਾਈਆਂ ਅਤੇ ਹੋਰ ਰੋਜ਼ਮਰਾ ਦੀਆਂ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਡੀਸੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਟਾਕੀਜ਼ ਜਾਂ ਵਪਾਰੀ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਕਰ ਰਹੇ ਹਨ, ਜਿਸ ਨਾਲ ਕਾਲਾਬਾਜ਼ਾਰੀ ਅਤੇ ਕੀਮਤਾਂ ਵਿੱਚ ਵਾਧਾ ਹੋਣ ਦਾ ਖ਼ਦਸ਼ਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਨੈਤਿਕ ਪ੍ਰਵਿਰਤੀ ਨਾਲ ਆਮ ਲੋਕ, ਵਿਸ਼ੇਸ਼ ਤੌਰ ‘ਤੇ ਸਮਾਜ ਦੇ ਕਮਜ਼ੋਰ ਵਰਗ, ਪ੍ਰਭਾਵਿਤ ਹੋ ਸਕਦੇ ਹਨ।
ਡੀਸੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਕਰਦਾਂ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ, ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੰਜਮ ਨਾਲ ਖਰੀਦਦਾਰੀ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਘਬਰਾਹਟ ਵਿੱਚ ਆ ਕੇ ਵਾਧੂ ਖਰੀਦਦਾਰੀ ਨਾ ਕੀਤੀ ਜਾਵੇ। ਡੀਸੀ ਨੇ ਭਰੋਸਾ ਦਿੱਤਾਂ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਐਮਰਜੈਂਸੀ ਹਾਲਾਤ ਵਿਚ ਜਨਤਾ ਨੂੰ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਫਿਰੋਜ਼ਪੁਰ ਪ੍ਰਸ਼ਾਸਨ ਵਲੋਂ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਟੀਮਾਂ ਮੁਸਤੈਦ ਹਨ ਅਤੇ ਹਰੇਕ ਸੰਭਾਵਨਾ ਲਈ ਤਿਆਰੀ ਕੀਤੀ ਗਈ ਹੈ।


