ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ DC ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- 42 Views
- kakkar.news
- July 2, 2025
- Punjab
ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ DC ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 02 ਜੁਲਾਈ 2025 (ਅਨੁਜ ਕੱਕੜ ਟੀਨੂੰ
ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਸਥਿੱਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਫ਼ਿਰੋਜ਼ਪੁਰ ਗੁਰਮੀਤ ਸਿੰਘ ਮਾਨ, ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲਾਂਕਿ ਹੁਣ ਤੱਕ ਜ਼ਿਲ੍ਹੇ ਅੰਦਰ ਸਥਿਤੀ ਨਾਰਮਲ ਹੈ, ਪਰੰਤੂ ਮਾਨਸੂਨ ਦੇ ਮੱਦੇਨਜ਼ਰ ਵੱਧ ਬਰਿਸ਼ਾਂ ਅਤੇ ਆਗਾਮੀ ਦਿਨਾਂ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੂਹ ਵਿਭਾਗਾਂ ਦੇ ਅਧਿਕਾਰੀ ਹੜ੍ਹ ਪ੍ਰਬੰਧਨ ਦੀਆਂ ਤਿਆਰੀਆਂ ਨੂੰ ਤਰਜੀਹ ਦੇਣ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਤਿਆਰੀ ਮੁਕੰਮਲ ਰੱਖਣ।
ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਅਜਿਹੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਤੇ ਪਹੁੰਚਾਉਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਕਾਇਮ ਰੱਖਣ ਲਈ ਕਿਹਾ ਅਤੇ ਜ਼ਿਲ੍ਹੇ ਦੀਆਂ ਐਨ.ਜੀ.ਓਜ਼ ਅਤੇ ਵਲੰਟੀਅਰਾਂ ਨਾਲ ਵੀ ਰਾਬਤਾ ਰੱਖਣ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਖੇ ਕਮਰਾ ਨੰ: 106 ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰ: 01632-244017 ਹੈ, ਜ਼ਿਲ੍ਹਾ ਵਾਸੀ ਹੜ੍ਹਾਂ ਸਬੰਧੀ ਕਿਸੇ ਵੀ ਕਿਸਮ ਦੀ ਹੰਗਾਮੀ ਸਥਿਤੀ ਦੌਰਾਨ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹਨ।
ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਿਮਾਂਸ਼ੂ ਸਿਆਲ, ਐਕਸੀਐਨ ਡਰੇਨੇਜ਼ ਗਿਤੇਸ਼ ਉਪਵੇਜਾ ਤੋਂ ਇਲਾਵਾ ਜਲ ਸਰੋਤ, ਬੀ.ਐਸ.ਐਫ਼, ਖੁਰਾਕ ਤੇ ਸਿਵਲ ਸਪਲਾਈ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


