ਨਸ਼ਾ ਮੁਕਤੀ ਯਾਤਰਾ’ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- 33 Views
- kakkar.news
- July 21, 2025
- Punjab
ਨਸ਼ਾ ਮੁਕਤੀ ਯਾਤਰਾ’ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਨਸ਼ਾ ਮੁਕਤੀ ਯਾਤਰਾ’ ਦੇ ਦੂਜੇ ਪੜਾਅ ਨੂੰ ਵੀ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਅਤੇ ਵਾਰਡਾਂ ਦੇ ‘ਨਸ਼ਾ ਮੁਕਤੀ ਯਾਤਰਾ’ ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਸਫਲ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮੱਰਪਿਤ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਵੱਡੇ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ, ਬੀ.ਡੀ.ਪੀ.ਓ., ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦੇ ਆਯੋਜਨ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਜ਼ਿਲ੍ਹੇ ਅੰਦਰ ਨਸ਼ਾ ਛੁਡਾਊ ਕੇਂਦਰਾਂ ਦੀ ਚੈਕਿੰਗ ਕਰਨ ਤਾਂ ਜੋ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਸ਼ਾ ਛੁਡਾਊ ਕੇਂਦਰਾਂ ਤੇ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਸ਼ਿਕੰਜਾ ਕੱਸਿਆ ਜਾ ਸਕੇ। ਉਨ੍ਹਾਂ ਬੀ.ਡੀ.ਪੀ.ਓਜ਼ ਅਤੇ ਐਸ.ਐਚ.ਓਜ਼ ਨੂੰ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਧੀ ਕੁਮੁਦ ਬੰਬਾਹ, ਐਸਡੀਐਮ ਗੁਰੂਹਰਸਹਾਏ ਉਦੇਦੀਪ ਸਿੰਘ, ਐਸ.ਪੀ. ਮਨਜੀਤ ਸਿੰਘ, ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


