ਵਿਧਾਇਕ ਰਜਨੀਸ਼ ਦਹੀਯਾ ਨੇ ਜ਼ਿਲ੍ਹਾ ਵਾਸੀਆਂ ਨੂੰ ਈਜ਼ੀ ਰਜਿਸਟਰੀ ਪ੍ਰਣਾਲੀ ਦਾ ਲਾਭ ਉਠਾਉਣ ਦੀ ਕੀਤੀ ਅਪੀਲ
- 44 Views
- kakkar.news
- July 21, 2025
- Punjab
ਵਿਧਾਇਕ ਰਜਨੀਸ਼ ਦਹੀਯਾ ਨੇ ਜ਼ਿਲ੍ਹਾ ਵਾਸੀਆਂ ਨੂੰ ਈਜ਼ੀ ਰਜਿਸਟਰੀ ਪ੍ਰਣਾਲੀ ਦਾ ਲਾਭ ਉਠਾਉਣ ਦੀ ਕੀਤੀ ਅਪੀਲ
ਫ਼ਿਰੋਜ਼ਪੁਰ, 21 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੁਖਾਲੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਈਜ਼ੀ ਰਜਿਸਟਰੀ ਪ੍ਰਣਾਲੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਤਹਿਸੀਲਦਾਰ ਦਫਤਰ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਬਾਰੇ ਜਾਣਕਾਰੀ ਹਾਸਿਲ ਕੀਤੀ|
ਵਿਧਾਇਕ ਦਹੀਯਾ ਨੇ ਸਬ ਰਜਿਸਟਰਾਰ ਦਫ਼ਤਰ ਵਿਖੇ ਇਸ ਈਜ਼ੀ ਰਜਿਸਟਰਰੀ ਪ੍ਰਣਾਲੀ ਰਾਹੀਂ ਹੋ ਰਹੇ ਕੰਮ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਇਸ ਮੌਕੇ ਉਹਨਾਂ ਲੋਕਾਂ ਨਾਲ ਗੱਲਬਾਤ ਵੀ ਕੀਤੀ| ਵਿਧਾਇਕ ਦਹੀਯਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ, ਉਹਨਾਂ ਕਿਹਾ ਕਿ ਇਸ ਈਜ਼ੀ ਪ੍ਰਣਾਲੀ ਰਾਹੀਂ ਲੋਕਾਂ ਨੂੰ ਵਧੀਆ ਸਹੂਲਤ ਮਿਲੀ ਹੈ ਅਤੇ ਇਸ ਕੰਮ ਵਿੱਚ ਪਾਰਦਰਸ਼ਤਾ ਵੀ ਆਈ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਈਜ਼ੀ ਪ੍ਰਣਾਲੀ ਦਾ ਵੱਧ ਤੋਂ ਵੱਧ ਲਾਭ ਉਠਾਉਣ| ਉਹਨਾਂ ਕਿਹਾ ਕਿ ਇਸ ਈਜ਼ੀ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ |
ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਜ਼ਮੀਨ ਜਾਇਦਾਦ ਦੀ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਵੇਂ ਸਿਸਟਮ ਮੁਤਾਬਕ ਜੇਕਰ ਰਜਿਸਟਰੀ ਦੇ ਦਸਤਾਵੇਜ਼ਾਂ ਦੀ ਦਰੁਸਤੀ ਹੋਣੀ ਹੈ ਤਾਂ ਉਸ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ ਤਾਂ ਕਿ ਰਜਿਸਟਰੀ ਵਾਲੇ ਦਿਨ ਮੌਕੇ ਉਤੇ ਅਜਿਹੀ ਕੋਈ ਦਿੱਕਤ ਪੇਸ਼ ਨਾ ਆਵੇ।
ਇਸ ਤੋਂ ਬਾਅਦ ਉਹਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਵਿਖੇ ਵੀ ਲੋਕਾਂ ਨੂੰ ਦਿੱਤੀ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਹੈਲਪਲਾਈਨ ਨੰਬਰ 1076 ਬਾਰੇ ਆਮ ਲੋਕਾਂ ਨਾਲ ਗੱਲਬਾਤ ਕੀਤੀ| ਇਸ ਮੌਕੇ ਲੋਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਥਰੂਮਾਂ ਦੇ ਮਾੜੇ ਹਾਲ ਅਤੇ ਪੀਣ ਵਾਲੇ ਪਾਣੀ ਦੇ ਨਾ ਹੋਣ ਬਾਰੇ ਵਿਧਾਇਕ ਨੂੰ ਆਪਣੀਆਂ ਮੁਸ਼ਕਿਲਾਂ ਦੱਸੀਆਂ ਜਿਸ ਤੇ ਵਿਧਾਇਕ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ਤੇ ਬੁਲਾ ਕੇ ਇਨਾਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਸਖਤ ਹਦਾਇਤਾਂ ਕੀਤੀਆਂ|
ਇਸ ਮੌਕੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਆਮ ਲੋਕਾਂ ਦੀ ਬੇਲੋੜੀ ਖੱਜਲ ਖੁਆਰੀ ਅਤੇ ਸਮੇਂ ਦੀ ਬਰਬਾਦੀ ਖਤਮ ਹੋਈ ਹੈ ਉੱਥੇ ਹੀ ਹੁਣ ਦਫ਼ਤਰਾਂ ਵਿੱਚ ਖੱਜਲ ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਸ਼ੁਰੂ ਤੋਂ ਅੰਤ ਤੱਕ ਹਰ ਜਾਣਕਾਰੀ ਮੋਬਾਇਲ ’ਤੇ ਮਿਲ ਜਾਇਆ ਕਰੇਗੀ।
ਇਸ ਮੌਕੇ ਤਹਿਸੀਲਦਾਰ ਫ਼ਿਰੋਜ਼ਪੁਰ ਹਰਮਿੰਦਰ ਸਿੰਘ, ਨਿੱਜੀ ਸਕੱਤਰ ਰੋਬੀ ਸੰਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


