ਵਿਸ਼ੇਸ ਸੱਕਤਰ ਸਿਹਤ ਘਨਸ਼ਿਆਮ ਥੋਰੀ ਵੱਲੋਂ ਫ਼ਿਰੋਜ਼ਪੁਰ ਦਾ ਦੌਰਾ; ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਸੇਵਾਵਾਂ ਦੀ ਕੀਤੀ ਸਮੀਖਿਆ
- 57 Views
- kakkar.news
- September 1, 2025
- Punjab
– ਵਿਸ਼ੇਸ ਸੱਕਤਰ ਸਿਹਤ ਘਨਸ਼ਿਆਮ ਥੋਰੀ ਵੱਲੋਂ ਫ਼ਿਰੋਜ਼ਪੁਰ ਦਾ ਦੌਰਾ; ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਸੇਵਾਵਾਂ ਦੀ ਕੀਤੀ ਸਮੀਖਿਆ
– ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
ਫ਼ਿਰੋਜ਼ਪੁਰ, 1 ਸਤੰਬਰ 2025 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਦੇ ਵਿਸ਼ੇਸ ਸੱਕਤਰ ਸਿਹਤ-ਕਮ-ਮੈਨੇਜਿੰਗ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਅੱਜ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦੀ ਸਮੀਖਿਆ ਦੇ ਮੰਤਵ ਨਾਲ ਦੌਰਾ ਕੀਤਾ ਗਿਆ। ਵਸ਼ੇਸ਼ ਸਕੱਤਰ ਸ਼੍ਰੀ ਘਨਸ਼ਿਆਮ ਥੋਰੀ ਨੇ ਹੜ੍ਹ ਪ੍ਰਭਾਵਿਤਾਂ ਲਈ ਪਿੰਡ ਜੱਲੋ ਕੇ ਵਿਖੇ ਲੱਗੇ ਮੈਡੀਕਲ ਕੈਂਪ ’ਚ ਕੀਤੇ ਗਏ ਪ੍ਰਬੰਧਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਹੜ੍ਹ ਪ੍ਰਭਾਵਿਤਾਂ ਨੂੰ ਪਹਿਲਾਂ ਹੀ ਦਵਾਈਆਂ, ਕਲੋਰੀਨ ਅਤੇ ਓ.ਆਰ.ਐਸ. ਆਦਿ ਮੁਹੱਈਆ ਕਰਵਾ ਦਿੱਤਾ ਗਿਆ ਹੈ, ਪਰੰਤੂ ਉਨ੍ਹਾਂ ਵੱਲੋਂ ਵਿਭਾਗ ਨੂੰ ਇਕ ਵਾਰ ਹੋਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੋਬਾਈਲ ਮੈਡੀਕਲ ਟੀਮ ਰਾਹੀਂ ਪਹੁੰਚ ਕਰ ਕੇ ਸਿਹਤ ਜਾਂਚ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ ਬਾਰੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਲੋੜਵੰਦ ਜ਼ਰੂਰੀ ਦਵਾਈਆਂ ਤੋਂ ਵਾਂਝਾ ਨਾ ਰਹਿ ਨਾ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਇਸਤੀਆਂ ਦੇ ਸੁਰੱਖਿਤ ਜਣੇਪੇ ਵੱਲ ਵੀ ਵਿਭਾਗ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਲਈ ਦਵਾਈਆਂ ਅਤੇ ਹੋਰ ਸਿਹਤ ਸਹੂਲਤਾਂ ਵਾਸਤੇ ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਹੁਣ ਤੱਕ 400 ਦੇ ਕਰੀਬ ਮੈਡੀਕਲ ਕੈਂਪ ਆਯੋਜਿਤ ਕੀਤੇ ਗਏ ਹਨ ਜਿੱਥੇ 8700 ਤੋਂ ਵੱਧ ਮਰੀਜਾਂ ਦੀ ਜਾਂਚ ਕਰਕੇ ਦਵਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਜ਼ਿਲ੍ਹਾ ਹੈਡਕੁਆਰਟਰ ਵਿੱਚ ਚਾਰ ਮੋਬਾਈਲ ਮੈਡੀਕਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ 60 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੀਆਂ ਹਨ। ਇਸ ਤੋਂ ਇਲਾਵਾ 10 ਰਿਜਰਵ ਮੋਬਾਈਲ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 12000 ਕਲੋਰੀਨ ਦੀਆਂ ਗੋਲੀਆਂ ਵਿਤਰਿਤ ਕਰ ਦਿੱਤੀਆਂ ਗਈਆਂ ਹਨ ਜਦਕਿ 23000 ਸਟਾਕ ਵਿੱਚ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਕੁੱਲ 27 ਐਂਬੂਲੈਂਸਾਂ ਉਪਲੱਬਧ ਹਨ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਐਂਟੀ ਲਾਰਵਲ ਸਪਰੇਅ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਹਨ।
ਇਸ ਤੋਂ ਪਹਿਲਾਂ ਵਿਸ਼ੇਸ ਸੱਕਤਰ ਸਿਹਤ ਘਨਸ਼ਿਆਮ ਥੋਰੀ ਵੱਲੋਂ ਹੜ੍ਹਾਂ ਦੌਰਾਨ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਬਚਾਅ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਨੂੰ ਹੋਰ ਵਧੀਆ ਤਰੀਕੇ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸ਼ੇਸ ਸੱਕਤਰ ਨੂੰ ਦੱਸਿਆ ਕਿ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਮੀ, ਬੀ.ਐਸ.ਐਫ਼, ਐਨ.ਡੀ.ਆਰ.ਐਫ਼ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਨਾਲ ਲੱਗਦੇ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜਾਂ ਵਿੱਚ ਧਾਰਮਿਕ ਸੰਸਥਾਵਾਂ, ਐਨ.ਜੀ.ਓਜ਼ ਅਤੇ ਸਵੈ ਸਵੀ ਸੰਸਥਾਵਾਂ ਵੱਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 8 ਰਾਹਤ ਕੈਂਪ ਬਣਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ ਭੋਜਨ ਤੋਂ ਇਲਾਵਾ ਸੌਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੈਡੀਕਲ ਕੈਂਪ ਤੇ ਮੁੱਢਲੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਸਿਹਤ ਵਿਭਾਗ ਵੱਲੋਂ ਹੜ੍ਹ ਪੀੜਤਾਂ ਲਈ ਸਥਾਪਿਤ ਕੀਤੇ ਕੰਟਰੋਲ ਰੂਮ, ਲਗਾਏ ਜਾ ਰਹੇ ਮੈਡੀਕਲ ਕੈਂਪਾਂ, ਮੈਡੀਕਲ ਟੀਮਾਂ, ਮੋਬਾਇਲ ਮੈਡੀਕਲ ਟੀਮਾਂ, ਐਂਬੂਲੈਂਸਾਂ ਅਤੇ ਬੋਟ ਐਂਬੂਲੈਂਸਾਂ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੈਡੀਕਲ ਟੀਮਾਂ 24 ਘੰਟੇ ਲੋਕਾਂ ਨੂੰ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਈਵੇਟ ਨਰਸਿੰਗ ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਨੂੰ ਵੀ ਰੈਪਿਡ ਰਿਸਪਾਂਸ ਟੀਮਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਐਸੋਸ਼ੀਏਸ਼ਨ ਅਤੇ ਕੈਮਿਸਟ ਐਸੋਸੀਏਸ਼ਨ ਅਤੇ ਜਾਂਇੰਟ ਐਸੋਸੀਏਸ਼ਨ ਆਫ਼ ਇੰਡੀਪੈਂਡੈਂਟ ਮੈਡੀਕਲ ਅਤੇ ਲੈਬਾਰਟਰੀ ਨਾਲ ਵਿਭਾਗ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਵੀ ਵੱਧ ਤੋਂ ਵੱਧ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ, ਮਿਸ ਲਿੰਦਿਆ ਆਈ.ਏ.ਐਸ. (ਯੂ.ਟੀ.), ਸਿਮਰਨਜੀਤ ਸਿੰਘ ਪੀ.ਸੀ.ਐਸ. (ਅੰਡਰ ਟ੍ਰੇਨਿੰਗ), ਸਹਾਇਕ ਸਿਵਲ ਸਰਜਨ ਸੁਸ਼ਮਾ ਠੱਕਰ ਤੋਂ ਇਲਾਵਾ ਸਿਹਤ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।



- October 15, 2025