ਖੜ੍ਹੇ ਪਾਣੀ ਦੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਿਕਾਸੀ ਲਈ ਕੀਤੇ ਜਾ ਰਹੇ ਹਨ ਪ੍ਰਬੰਧ: ਡਿਪਟੀ ਕਮਿਸ਼ਨਰ
- 102 Views
- kakkar.news
- September 9, 2025
- Punjab
ਖੜ੍ਹੇ ਪਾਣੀ ਦੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਿਕਾਸੀ ਲਈ ਕੀਤੇ ਜਾ ਰਹੇ ਹਨ ਪ੍ਰਬੰਧ: ਡਿਪਟੀ ਕਮਿਸ਼ਨਰ
ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਗਾਉਣਗੇ
ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਹਰ ਸਮੇਂ ਤੱਤਪਰ
ਫ਼ਿਰੋਜ਼ਪੁਰ, 09 ਸਤੰਬਰ 2025 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਘਰ-ਘਰ ਤੱਕ ਪਹੁੰਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਰਾਹਤ ਤੇ ਮਦਦ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕਰ ਰਹੀਆਂ ਹਨ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਵਿਭਾਗ ਅਤੇ ਪੰਚਾਇਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਫੌਗਿੰਗ ਕਾਰਵਾਈ ਜਾ ਰਹੀ ਹੈ ਤਾਂ ਜੋ ਹੜ੍ਹਾਂ ਦੇ ਪਾਣੀ ਕਾਰਨ ਮੱਛਰ-ਮੱਖੀਆਂ ਪੈਦਾ ਨਾ ਹੋ ਸਕਣ। ਸਿਹਤ ਵਿਭਾਗ ਵੱਲੋਂ ਪਿੰਡ ਬਾਰੇ ਕੇ ਵਿਖੇ ਸੱਪ ਦੇ ਕੱਟ ਜਾਣ ਤੇ ਇਲਾਜ ਦੇ ਪ੍ਰਬੰਧ ਲਈ ਸੈਂਟਰ ਸਥਾਪਿਤ ਕੀਤਾ ਗਿਆ ਹੈ। ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਨਿਰੰਤਰ ਦੌਰੇ ਕਰਕੇ ਪਸ਼ੂਆਂ ਦਾ ਇਲਾਜ ਯਕੀਨੀ ਬਣਾ ਰਹੇ ਹਨ। ਇਸ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਵੀ ਉਪਲੱਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਵੀ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ ਅਤੇ ਇਸ ਕੰਮ ਲਈ ਮੋਟਰਾਂ ਲਗਾ ਕੇ ਪਾਣੀ ਵੀ ਕੱਢਿਆ ਜਾ ਰਿਹਾ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਅੱਜ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਫ਼ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਅਤੇ ਬੀ.ਐੱਸ.ਐੱਫ ਵੱਲੋਂ ਵੀ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਵੱਖ ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਬਹੁਤ ਸਹਿਯੋਗ ਮਿਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਫ਼ਸਲਾਂ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਕਈ ਪਿੰਡਾਂ ਵਿੱਚ ਫ਼ਸਲਾਂ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ। ਪਾਣੀ ਘਟਣ ਤੋਂ ਬਾਅਦ ਬਿਨ੍ਹਾਂ ਕਿਸੇ ਦੇਰੀ ਫ਼ਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਇਆ ਜਾ ਸਕੇ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਲਈ ਰਾਹਤ ਤੇ ਪੁਨਰਵਾਸ ਕਾਰਜਾਂ ਵਿੱਚ ਦਿਨ-ਰਾਤ ਲੱਗਾ ਹੋਇਆ ਹੈ।



- October 15, 2025