ਸਿੱਖ ਫੌਜੀਆਂ ਦੀ ਸੂਰਬੀਰਤਾ, ਅਣਖ ਤੇ ਅਦੁੱਤੀ ਕੁਰਬਾਨੀ ਦੀ ਮਿਸਾਲ ਹੈ ਸਾਰਾਗੜ੍ਹੀ ਦੀ ਜੰਗ : ਡਾ. ਬਲਜੀਤ ਕੌਰ
- 88 Views
- kakkar.news
- September 12, 2025
- Punjab
ਸਿੱਖ ਫੌਜੀਆਂ ਦੀ ਸੂਰਬੀਰਤਾ, ਅਣਖ ਤੇ ਅਦੁੱਤੀ ਕੁਰਬਾਨੀ ਦੀ ਮਿਸਾਲ ਹੈ ਸਾਰਾਗੜ੍ਹੀ ਦੀ ਜੰਗ : ਡਾ. ਬਲਜੀਤ ਕੌਰ
ਫਿਰੋਜ਼ਪੁਰ, 12 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਸਾਰਾਗੜ੍ਹੀ ਦੀ ਜੰਗ ਸਿੱਖ ਫੌਜੀਆਂ ਦੀ ਸੂਰਬੀਰਤਾ, ਅਣਖ ਤੇ ਅਦੁੱਤੀ ਕੁਰਬਾਨੀ ਦੀ ਮਿਸਾਲ ਹੈ। ਸਾਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੇ ਵਾਰਿਸ ਹੋਣ ’ਤੇ ਬਹੁਤ ਮਾਣ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਸਾਰਾਗੜ੍ਹੀ ਦਿਵਸ ਮੌਕੇ ਗੁਰੂਦੁਆਰਾ ਸਾਰਾਗੜ੍ਹੀ ਵਿਖੇ ਨਤਮਸਤਕ ਹੋ ਕੇ ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਕੀਤਾ ਗਿਆ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਘਾਂਗਾ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਦੇ ਵਸਨੀਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਣਮੱਤੇ, ਇਤਿਹਾਸਕ ਤੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿੱਚ ਅਜਿਹੀ ਬਹਾਦਰੀ ਤੇ ਸ਼ੂਰਵੀਰਤਾ ਦੀ ਮਿਸਾਲ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਇਨ੍ਹਾਂ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਫ਼ਿਰੋਜ਼ਪੁਰ ਵਿਖੇ ਵਿਸ਼ਵ ਦੀ ਪਹਿਲੀ ਜੰਗੀ ਯਾਦਗਾਰ, ਸਾਰਾਗੜ੍ਹੀ ਜੰਗ ਦੀ ਯਾਦ ਵਿੱਚ ਬਣਾਈ ਗਈ ਹੈ ਕਿਉਂਕਿ ਇਸ ਜੰਗ ਵਿਚ ਸ਼ਹੀਦ ਹੋਣ ਵਾਲੇ ਸੈਨਿਕਾਂ ਵਿਚੋਂ ਜਿਆਦਾਤਰ ਫਿਰੋਜ਼ਪੁਰ ਨਾਲ ਸੰਬੰਧਿਤ ਸਨ। ਇਹ ਸਾਰਾਗੜ੍ਹੀ ਵਾਰ ਮੈਮੋਰੀਅਲ ਉਨ੍ਹਾਂ ਸਿੱਖ ਸੂਰਬੀਰਾਂ ਦੀ ਅਣਖ, ਸਨਮਾਨ ਅਤੇ ਕੁਰਬਾਨੀ ਨੂੰ ਸਮਰਪਿਤ ਹੈ ਜੋ ਅਫ਼ਗਾਨੀਸਤਾਨ ਦੇ ਵਜੀਰਸਤਾਨ ਵਿਖੇ ਸਾਰਾਗੜ੍ਹੀ ਦੇ ਕਿਲ੍ਹੇ ਦੇ ਬਚਾਅ ਲਈ ਦਸ ਹਜ਼ਾਰ ਅਫਗਾਨੀ ਕਬਾਈਲੀਆਂ ਨਾਲ 36 ਸਿੱਖ ਰੈਜੀਮੈਂਟ ਦੇ 21 ਬਹਾਦਰ ਸਿੱਖ ਫੌਜਾਂ ਦੇ ਹੋਏ ਮੁਕਾਬਲੇ ਵਿਚ ਸ਼ਹੀਦ ਹੋਏ ਸਨ।
ਉਨ੍ਹਾਂ ਕਿਹਾ ਕਿ ਯੂਨੇਸਕੋ (ਯੂਨਾਇਟਿਡ ਨੇਸ਼ਨਜ਼ ਐਜੂਕੇਸ਼ਨਲ ਸਾਇੰਟਿਫਿਕ ਐਂਡ ਕਲਚਰਲ ਆਰਗੇਨਾਇਜੇਸ਼ਨ) ਦੇ ਅਨੁਸਾਰ ਇਹ ਜੰਗ ਵਿਸ਼ਵ ਦੀਆਂ ਅੱਠ ਮਹੱਤਵਪੂਰਨ ਜੰਗਾਂ ਵਿੱਚੋਂ ਇੱਕ ਹੈ ਜਿਸ ਵਿੱਚ ਸ਼ਹੀਦ ਹੋਏ ਸਿਪਾਹੀਆਂ ਨੂੰ ‘‘ਇੰਡੀਅਨ ਆਰਡਰ ਆਫ ਮੈਰਿਟ’’ (ਸਰਵਉੱਚ ਤਗਮਾ) ਨਾਲ ਸਨਮਾਨਿਤ ਕੀਤਾ ਗਿਆ ਸੀ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜੰਗ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਬੇਮਿਸਾਲ ਸੂਰਬੀਰਤਾ ਅਤੇ ਸਾਹਸ ਦੀ ਯਾਦ ਦਵਾਉਂਦੀ ਰਹੇਗੀ।
ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ ਨੇ ਵੀ ਸਾਰਗੜ੍ਹੀ ਜੰਗ ਦੇ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਹਮੇਸ਼ਾ ਦੇਸ਼ ਕੌਮ ਲਈ ਪ੍ਰੇਰਣਾ ਸਰੋਤ ਰਹੇਗੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਫ਼ਿਰੋਜ਼ਪੁਰ ਅਮਨਦੀਪ, ਚੈਅਰਮੈਨ ਪੰਜਾਬ ਬੀ.ਸੀ. ਕਮਿਸ਼ਨ ਡਾ. ਮਲਕੀਤ ਸਿੰਘ, ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ, ਮੈਂਬਰ ਐਸ.ਸੀ. ਕਮਿਸ਼ਨਰ ਗੁਰਪ੍ਰੀਤ ਇੱਟਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਬਲਰਾਜ ਸਿੰਘ ਕਟੋਰਾ, ਸ੍ਰੀ ਚੰਦ ਸਿੰਘ ਗਿੱਲ ਸਮੇਤ ਭਾਰਤੀ ਸੈਨਾਂ ਦੇ ਅਧਿਕਾਰੀ ਮੇਜਰ ਜਨਰਲ ਰਣਜੀਤ ਸਿੰਘ ਮਨਰਾਲ ਅਤੇ ਬ੍ਰਿਗੇਡੀਅਰ ਬਿਕਰਮ ਸਿੰਘ ਸਮੇਤ ਹੋਰਨਾਂ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਵੀ ਸ਼ਹੀਦਾਂ ਨੂੰ ਨਮਨ ਕੀਤਾ।



- October 15, 2025