ਫਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਸਾੜਨ ‘ਤੇ ਪੂਰਨ ਪਾਬੰਦੀ, ਹੁਕਮ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ
- 86 Views
- kakkar.news
- September 13, 2025
- Agriculture Punjab
ਫਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਸਾੜਨ ‘ਤੇ ਪੂਰਨ ਪਾਬੰਦੀ, ਹੁਕਮ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਰਵਾਈ
ਫ਼ਿਰੋਜ਼ਪੁਰ, 13 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਦੇ ਸਾਇੰਸ, ਤਕਨੀਕ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ, ਦੀਪਸ਼ਿਖਾ ਸ਼ਰਮਾ (IAS) ਨੇ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਸਾੜਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਲਗਾਈ ਗਈ ਹੈ ਅਤੇ ਇਹ ਹੁਕਮ ਅਗਲੇ ਦੋ ਮਹੀਨੇ ਲਈ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਸਪਸ਼ਟ ਕੀਤਾ ਕਿ ਜਿਹੜੇ ਕਿਸਾਨ ਪਰਾਲੀ ਤੋਂ ਗੰਠਾ (Bales) ਤਿਆਰ ਕਰਦੇ ਹਨ, ਉਹਨਾਂ ਨੂੰ ਇਸ ਹੁਕਮ ਤੋਂ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਹਾਲੀਆ ਸਾਲਾਂ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਕੁਝ ਕਿਸਾਨਾਂ ਵੱਲੋਂ ਰੀਪਰ ਚਲਾ ਕੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਹਵਾ ਪ੍ਰਦੂਸ਼ਣ, ਸੜਕ ਹਾਦਸੇ ਅਤੇ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ।
ਅਧਿਕਾਰੀਆਂ ਦੇ ਮੁਤਾਬਕ, ਧੂੰਏ ਨਾਲ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਦਾ ਹੈ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਤੋਂ ਇਲਾਵਾ, ਨੇੜਲੇ ਖੇਤਾਂ ਵਿੱਚ ਖੜ੍ਹੀ ਫਸਲ, ਦਰੱਖਤ ਅਤੇ ਸੜਕਾਂ ਦੇ ਕਿਨਾਰੇ ਲਗੇ ਬੂਟੇ ਵੀ ਅੱਗ ਦੀ ਲਪੇਟ ‘ਚ ਆ ਸਕਦੇ ਹਨ। ਡਾਕਟਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਤਰ੍ਹਾਂ ਦਾ ਪ੍ਰਦੂਸ਼ਿਤ ਵਾਤਾਵਰਣ ਫੇਫੜਿਆਂ ਦੀਆਂ ਬਿਮਾਰੀਆਂ, ਦਮਾ, ਦਿਲ ਦੇ ਮਰੀਜ਼ਾਂ ਅਤੇ ਬੱਚਿਆਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਕਿਸਾਨ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਅਤੇ ਪਰਾਲੀ ਸਾੜਨ ਦੀ ਬਜਾਏ ਵਿਕਲਪਕ ਤਰੀਕੇ ਜਿਵੇਂ ਬੇਲਿੰਗ, ਮਲਚਿੰਗ ਜਾਂ ਹੋਰ ਸਥਾਈ ਹੱਲਾਂ ਅਪਣਾਉਣ। ਹੁਕਮ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।



- October 15, 2025