ਸਕੂਲੀ ਵਿਦਿਆਰਥੀਆਂ ਨੇ ਪਰਾਲ਼ੀ ਨਾ ਸਾੜਨ ਦਾ ਦਿੱਤਾ ਸੁਨੇਹਾ
- 32 Views
- kakkar.news
- September 26, 2025
- Education Punjab
ਸਕੂਲੀ ਵਿਦਿਆਰਥੀਆਂ ਨੇ ਪਰਾਲ਼ੀ ਨਾ ਸਾੜਨ ਦਾ ਦਿੱਤਾ ਸੁਨੇਹਾ
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਸਵੇਰ ਦੀਆਂ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਕੀਤਾ ਜਾ ਰਿਹਾ ਹੈ ਪ੍ਰੇਰਿਤ : ਜ਼ਿਲ੍ਹਾ ਸਿੱਖਿਆ ਅਫ਼ਸਰ
ਫ਼ਿਰੋਜ਼ਪੁਰ, 26 ਸਤੰਬਰ 2025 ( ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ, ਹਾਈ,ਮਿਡਲ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਸਵੇਰ ਦੀਆਂ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਜ਼ਿਲ੍ਹੇ ਦੇ ਸਕੂਲਾਂ ਵਿੱਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵੱਲੋਂ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਨਾਲ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਅਤੇ ਪਸ਼ੂ ਪੰਛੀਆਂ ਨੂੰ ਵੀ ਨੁਕਸਾਨ ਪੁੱਜਦਾ ਹੈ।ਸਕੂਲੀ ਵਿਦਿਆਰਥੀਆਂ ਵੱਲੋਂ ਪਰਾਲੀ ਨਾ ਸਾੜਨ ਲਈ ਫੈਲਾਈ ਜਾ ਰਹੀ ਜਾਗਰੂਕਤਾ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੇ ਕਿਹਾ ਕਿ ਵਿਦਿਆਰਥੀ ਵੀ ਵਾਤਾਵਰਣ ਪੱਖੀ ਸਰਗਰਮੀਆਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ, ਜਿਸ ਨਾਲ ਇਹ ਸੰਦੇਸ਼ ਪਿੰਡ-ਪਿੰਡ ਪਹੁੰਚੇਗਾ।
ਉਨ੍ਹਾਂ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ, ਬਾਰੇ ਕੇ, ਲੂੰਬੜੀ ਵਾਲਾ, ਗੱਟੀ ਰਾਜੋ ਕੇ, ਆਰਿਫ਼ ਕੇ, ਨੂਰਪੁਰ ਸੇਠਾਂ, ਬਾਜੀਦਪੁਰ, ਖਾਈ ਫੇਮੇ ਕੀ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਖੇ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਟਾਫ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਵਿਦਿਆਰਥੀ ਪਰਾਲੀ ਨਾ ਸਾੜਨ ਦੇ ਰੁਝਾਨ ਨੂੰ ਠੱਲ ਪਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 31 ਅਕਤੂਬਰ ਤੱਕ ਜਾਰੀ ਰਹੇਗੀ।



- October 15, 2025