ਸਕੂਲਾਂ ਦੇ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲਿਆਂ, ਸਿਖਲਾਈ ਕੈਂਪਾਂ, ਬੈਨਰਾਂ ਪੋਸਟਰਾਂ ਸਮੇਤ ਵੱਖ-ਵੱਖ ਤਰੀਕੇ ਰਾਹੀਂ ਪਰਾਲੀ ਨਾ ਸਾੜਨ ਦੇ ਲਈ ਕੀਤਾ ਜਾ ਰਿਹਾ ਜਾਗਰੂਕ – ਡਿਪਟੀ ਕਮਿਸ਼ਨਰ
- 31 Views
- kakkar.news
- September 29, 2025
- Punjab
ਸਕੂਲਾਂ ਦੇ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲਿਆਂ, ਸਿਖਲਾਈ ਕੈਂਪਾਂ, ਬੈਨਰਾਂ ਪੋਸਟਰਾਂ ਸਮੇਤ ਵੱਖ-ਵੱਖ ਤਰੀਕੇ ਰਾਹੀਂ ਪਰਾਲੀ ਨਾ ਸਾੜਨ ਦੇ ਲਈ ਕੀਤਾ ਜਾ ਰਿਹਾ ਜਾਗਰੂਕ – ਡਿਪਟੀ ਕਮਿਸ਼ਨਰ
ਪਿੰਡਾਂ ਵਿੱਚ ਕੈਂਪ ਲਗਾ ਕੇ ਪਰਾਲੀ ਸਾੜਨ ਦੇ ਨੁਕਸਾਨਾਂ ਨੂੰ ਦੱਸਣ ਅਤੇ ਵਾਤਾਵਰਣ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹਰ ਉਪਰਾਲਾ
ਫ਼ਿਰੋਜ਼ਪੁਰ, 29 ਸਤੰਬਰ 2025 (ਅਨੁਜ ਕੱਕੜ ਟੀਨੂੰ)
ਸਕੂਲਾਂ ਦੇ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲਿਆਂ, ਪੋਸਟਰਾਂ, ਬੈਨਰਾਂ, ਸਮੇਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੈਂਪ ਲਗਾ ਕੇ ਹਰੇਕ ਤਰੀਕੇ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਿੰਡਾਂ ਵਿੱਚ ਜਾ ਕੇ ਵਿਸ਼ੇਸ਼ ਸਿਖਲਾਈ ਕੈਂਪਾਂ ਰਾਹੀਂ ਪਰਾਲੀ ਸਾੜਨ ਨਾਲ ਹੋਣ ਵਾਲੇ ਸਿਹਤ ਸਬੰਧੀ ਨੁਕਸਾਨ ਬਾਰੇ ਜਾਣਕਾਰੀ ਦੇ ਰਹੇ ਹਨ ਉਥੇ ਸਕੂਲਾਂ ਦੇ ਵਿੱਚ ਸਵੇਰੇ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਦੇ ਲਈ ਆਪਣੇ ਤੋਂ ਵੱਡਿਆਂ ਨੂੰ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਹਰ ਤਰ੍ਹਾਂ ਦੇ ਨਾਲ ਪਰਾਲੀ ਨਾ ਸਾੜਨ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲੇ ਦੇ ਪਿੰਡਾਂ ਵਿੱਚ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕਰਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਨਿਰੰਤਰ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ / ਨਿਪਟਾਰੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪਿੰਡ ਬੰਡਾਲਾ, ਬਲਾਕ ਜ਼ੀਰਾ ਵਿਖੇ ਸੀਆਰਐਮ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਸੰਬੋਧਨ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਬਲਾਕ ਗੁਰੂਹਰਸਹਾਏ ਸਰਕਲ ਕੋਹਰ ਸਿੰਘ ਵਾਲਾ ਦੇ ਪਿੰਡ ਵਾਸਲ ਮੋਹਨ ਕੇ, ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰੂਹਰਸਹਾਏ ਵੱਲੋਂ ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਬਾਰੇ ਦੱਸਦਿਆਂ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ, ਸੁਪਰ ਐਸ.ਐਮ.ਐਸ. ਆਦਿ ਦੀ ਵਰਤੋਂ ਕਰਕੇ ਕੀਤੀ ਜਾਵੇ। ਪਰਾਲੀ ਸਾੜਨ ਤੋਂ ਹੋਣ ਵਾਲੇ ਧੂੰਏ ਨਾਲ ਵਾਤਾਵਰਨ ਦੇ ਨੁਕਸਾਨ ਅਤੇ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ’ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਅਤੇ ਜ਼ਰੂਰੀ ਤੱਤਾਂ ਦੇ ਨਸ਼ਟ ਹੋਣ ਬਾਰੇ ਜਾਣਕਾਰੀ ਦਿੱਤੀ ਗਈ।
ਖੇਤੀਬਾੜੀ ਉਪ ਨਿਰੀਖਕ ਜਰਮਨਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਸੁਪਰ ਐਸਐਮਐਸ ਵਾਲੀ ਮਸ਼ੀਨ ਤੋਂ ਹੀ ਕਰਵਾਈ ਜਾਵੇ ਤਾਂ ਜੋ ਉਹਨਾਂ ਨੂੰ ਅੱਗੇ ਕਣਕ ਦੇ ਸੀਜਨ ਵਿੱਚ ਬਿਜਾਈ ਦੌਰਾਨ ਕੋਈ ਸਮੱਸਿਆ ਨਾ ਆਵੇ। ਉਹਨਾਂ ਨੇ ਕਿਸਾਨਾਂ ਨਾਲ ਮੌਜੂਦਾ ਚੱਲ ਰਹੀ ਖੇਤਾਂ ਦੀ ਸਥਿਤੀ ਬਾਰੇ ਗੱਲ ਕਰਦੇ ਝੋਨੇ ਦੇ ਖੇਤ ਵਿੱਚ ਆ ਰਹੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੇ ਹਮਲੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਗਿਆ। ਕਿਸਾਨਾਂ ਨੂੰ ਸਿਫਾਰਿਸ਼ ਅਨੁਸਾਰ ਸਪਰੇਅ ਕਰਨ ਦੀ ਸਲਾਹ ਦਿੱਤੀ ਅਤੇ ਕਣਕ ਦੇ ਨਵੇਂ ਸੁਧਰੇ ਬੀਜਾਂ ਬਾਰੇ ਦੱਸਿਆ ਗਿਆ।
ਸੰਦੀਪ ਕੁਮਾਰ ਖੇਤੀਬਾੜੀ ਵਿਕਾਸ ਅਫਸਰ (ਟ੍ਰੇਨਿੰਗ) ਫਿਰੋਜ਼ਪੁਰ ਅਤੇ ਵਰਿੰਦਰ ਪਾਲ ਸਿੰਘ ਏਟੀਐਮ ਗੁਰੂਹਰਸਹਾਏ ਵੱਲੋਂ ਪਿੰਡ ਖੈਰੇ ਕੇ ਵਿਖੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸੇ ਤਰ੍ਹਾਂ ਹੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੋਹਣਗੜ੍ਹ ਬਲਾਕ ਗੁਰੂਹਰਸਹਾਏ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਕੈਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਸੰਧੂ ਅਤੇ ਉਨ੍ਹਾਂ ਦੇ ਨਾਲ ਮਨਜੀਤ ਸਿੰਘ ਏ.ਟੀ.ਐਮ. ਵੱਲੋਂ ਹਿੱਸਾ ਲਿਆ ਗਿਆ। ਸਕੂਲ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਦੇ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਅਤੇ ਇਸ ਨੂੰ ਮਿੱਟੀ ਵਿੱਚ ਮਿਲਾਉਣ ਦੇ ਫਾਇਦੇ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਉਪਰੰਤ ਵਾਤਾਵਰਨ ਦੇ ਸਬੰਧ ਵਿੱਚ ਬੱਚਿਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।


