ਸਰਕਾਰ ਨੇ ਝੋਨੇ ਦੀ ਫ਼ਸਲ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ
- 20 Views
- kakkar.news
- October 1, 2025
- Punjab
ਸਰਕਾਰ ਨੇ ਝੋਨੇ ਦੀ ਫ਼ਸਲ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ – ਏਡੀਸੀ ਮੇਜਰ ਅਮਿਤ ਸਰੀਨ
ਝੋਨੇ ਦੀ ਕਟਾਈ ਲਈ ਕੰਬਾਈਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚਲਾਈਆਂ ਜਾਣ
ਕਿਸਾਨਾਂ ਨੂੰ ਝੋਨੇ ਦੀ ਪਰਾਲ਼ੀ ਨਾ ਸਾੜਨ ਦੀ ਵੀ ਕੀਤੀ ਅਪੀਲ
ਫਿਰੋਜ਼ਪੁਰ, 01 ਅਕਤੂਬਰ 2025 ( ਅਨੂਜ ਕੱਕੜ ਟੀਨੂੰ)
ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ 17 ਫੀਸਦੀ ਨਮੀ ਵਾਲਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਦੀ ਫਸਲ ਬਿਨਾਂ ਕਿਸੇ ਦੇਰੀ ਤੋਂ ਨਾਲ ਦੀ ਨਾਲ ਖਰੀਦ ਹੋ ਸਕੇ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ।
ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਫਸਲ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਸੁਪਰ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਤੋਂ ਹੀ ਝੋਨੇ ਦੀ ਕਟਾਈ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਫ਼ਸਲ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2389/- ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਕੰਬਾਈਨ ਓਪਰੇਟਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਨਾ ਆ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫ਼ਸਲ ਦੀ ਕਟਾਈ ਕਰਵਾਉਣ।
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਕਿ ਮੁਕੰਮਲ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਝੋਨਾ ਦੀ ਪਰਾਲ਼ੀ / ਰਹਿੰਦ ਖੂਹੰਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਹੀ ਪਰਾਲ਼ੀ ਦਾ ਨਿਪਟਾਰਾ ਕੀਤਾ ਜਾਵੇ ਤਾਂ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।



- October 15, 2025