ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵਿਖੇ “ਵਿਸ਼ਵ ਦ੍ਰਿਸ਼ਟੀ ਦਿਵਸ” ਮਨਾਇਆ ਗਿਆ
- 31 Views
- kakkar.news
- October 9, 2025
- Punjab
ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵਿਖੇ “ਵਿਸ਼ਵ ਦ੍ਰਿਸ਼ਟੀ ਦਿਵਸ” ਮਨਾਇਆ ਗਿਆ
ਫ਼ਿਰੋਜ਼ਪੁਰ, 9 ਅਕਤੂਬਰ 2025 (ਸਿਟੀਜਨਜ਼ ਵੋਇਸ)
ਅੱਜ ਸਿਹਤ ਵਿਭਾਗ ਫ਼ਿਰੋਜ਼ਪੁਰ ਅਧੀਨ ਆਉਂਦੀਆ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ “ਵਿਸ਼ਵ ਦ੍ਰਿਸ਼ਟੀ ਦਿਵਸ” ਮਨਾਇਆ ਗਿਆ ਅਤੇ ਅੱਖਾਂ ਦੀ ਜਾਂਚ ਲਈ ਸਪੈਸ਼ਲ ਕੈਂਪ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਗਾਇਆ ਗਿਆ।
ਸਿਵਲ ਹਸਪਤਾਲ ਫਿਰੋਜ਼ਪੁਰ ਵਿੱਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਅਸਮੀਤਾ ਬਜਾਜ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਲਈ ਕੁੱਝ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਅੱਖਾਂ ਦੀ ਚੰਗੀ ਸਿਹਤ ਲਈ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਸ਼ਾਮਲ ਕਰਨ ਦੇ ਨਾਲ ਨਾਲ ਅੱਖਾਂ ਦੀ ਕਸਰਤ ਵੀ ਜ਼ਰੂਰ ਕਰੋ ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੰਪਿਊਟਰ, ਲੈਪਟੌਪ ਅਤੇ ਮੋਬਾਇਲ ਦੀ ਵਰਤੋਂ ਪਹਿਲਾਂ ਨਾਲੋਂ ਜਿਆਦਾ ਹੋ ਗਈ ਹੈ। ਵਿਦਿਆਰਥੀਆਂ ਨੂੰ ਵੀ ਪੜ੍ਹਾਈ ਲਈ ਇਹਨਾਂ ਤੇ ਜ਼ਿਆਦਾ ਸਮਾਂ ਬਿਤਾਉਣ ਕਰਕੇ ਅੱਖਾਂ ਦੀ ਰੋਸ਼ਨੀ ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਲਈ ਅੱਖਾਂ ਦੀ ਰੋਸ਼ਨੀ ਨੂੰ ਵਧੀਆ ਅਤੇ ਕਾਇਮ ਰੱਖਣ ਵਾਸਤੇ 20-20-20 ਫ਼ਾਰਮੂਲਾ ਅਪਣਾਉਣਾ ਬਹੁਤ ਜ਼ਰੂਰੀ ਹੈ। ਇਸ ਫ਼ਾਰਮੂਲੇ ਮੁਤਾਬਕ ਕੰਪਿਊਟਰ ਜਾਂ ਮੋਬਾਇਲ ਫੋਨ ਤੇ ਲਗਾਤਾਰ 20 ਮਿੰਟ ਕੰਮ ਕਰਦੇ 20 ਸੈਕਿੰਡ ਦਾ ਰੁੱਕ ਕੇ 20 ਫੁੱਟ ਦੂਰ ਜ਼ਰੂਰ ਵੇਖਣਾ ਚਾਹੀਦਾ ਹੈ। ਇਹ ਫ਼ਾਰਮੂਲਾ ਅਪਣਾਉਣਾ ਨਾਲ ਅੱਖਾਂ ਦੀ ਰੋਸ਼ਨੀ ਦਰੁੱਸਤ ਰਹਿੰਦੀ ਹੈ। ਜੇਕਰ ਇਲੈਕਟ੍ਰੋਨਿਕ ਗੈਜੇਟ ਦੀ ਵਰਤੋਂ ਜ਼ਿਆਦਾ ਕਰਨੀ ਪੈ ਰਹੀ ਹੈ ਤਾਂ ਡਾਕਟਰੀ ਸਲਾਹ ਅਨੁਸਾਰ ਅੱਖਾਂ ਵਿੱਚ ਲੂਬਰੀਕੈਂਟ ਦੀਆਂ ਬੂੰਦਾਂ ਪਾਉਣੀਆ ਚਾਹੀਦੀਆਂ ਹਨ।
ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਤੰਬਾਕੂਨੋਸ਼ੀ ਅੱਖਾਂ ਤੇ ਸ਼ਰੀਰ ਦੇ ਵੱਖ ਵੱਖ ਅੰਗਾ ਨੂੰ ਨੁਕਸਾਨ ਪਹੁੰਚਾਉਂਦੀ ਹੈ ਇੱਸ ਲਈ ਤੰਬਾਕੂਨੋਸ਼ੀ ਤੋਂ ਗੁਰੇਜ਼ ਕੀਤਾ ਜਾਵੇ। ਪੜ੍ਹਨ ਵੇਲੇ ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ਅਤੇ ਮੋਬਾਈਲ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਟੇਲੀਵਿਜਨ ਵੇਖਣ ਸਮੇਂ ਅਤੇ ਕੰਪਿਊਟਰ ਦੀ ਵਰਤੋਂ ਕਰਨ ਵੇਲੇ ਉਚਿਤ ਦੂਰੀ ਤੇ ਰੌਸ਼ਨੀ ਦਾ ਧਿਆਨ ਰੱਖਿਆ ਜਾਵੇ। ਚੱਲ ਰਹੇ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਵੇਲੇ ਜੇਕਰ ਅੱਖਾਂ ਵਿੱਚ ਕੁੱਝ ਪੈ ਜਾਵੇ ਜਾਂ ਅੱਖਾਂ ਮੱਚਣ ਤਾਂ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਅੱਖਾਂ ਵਿੱਚ ਨਹੀਂ ਪਾਉਣੀ ਚਾਹੀਦੀ, ਤੂਰੰਤ ਸਰਕਾਰੀ ਸਿਹਤ ਸੰਸਥਾਵਾਂ ਵਿੱਖੇ ਜਾ ਕੇ ਜਾਂਚ ਕਰਵਾਈ ਜਾਵੇ।
ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਦੱਸਿਆ ਕਿ ਨਜਦੀਕ ਜਾਂ ਦੂਰ ਦੀ ਵਸਤੂ ਸਹੀ ਨਾ ਦਿੱਸਣ ਤੇ ਡਾਕਟਰ ਕੋਲੋਂ ਸਮੇਂ ਸਮੇਂ ਤੇ ਅੱਖਾਂ ਦੀ ਜਾਂਚ ਜਰੂਰ ਕਰਵਾਓ । ਕਾਲਾ ਮੋਤੀਆ ਜਾਂ ਮੋਤੀਆਬਿੰਦ ਅੱਖਾਂ ਦੀ ਰੌਸ਼ਨੀ ਖੱਤਮ ਕਰ ਦਿੰਦਾ ਹੈ, ਇਸ ਲਈ ਅੱਖਾਂ ਦੀ ਤੁਰੰਤ ਨੇੜਲੇ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਉਣ ਵਿੱਚ ਅਣਗਿਹਲੀ ਨਹੀਂ ਵਰਤਣੀ ਚਾਹੀਦੀ।
ਇਸ ਮੌਕੇ ਅਪਥਾਲਮਿਕ ਅਫ਼ਸਰ ਮੈਡਮ ਆਸ਼ੂ ਸ਼ਰਮਾ, ਸਟਾਫ਼ ਨਰਸ ਮੰਜੂਲਾ ਤੇ ਸ਼ੇਖਰ ਅਤੇ ਪਰਮਿੰਦਰ ਕੁਮਾਰ ਵੀ ਹਾਜ਼ਰ ਸਨ।


