ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ: ਡਿਪਟੀ ਕਮਿਸ਼ਨਰ
- 22 Views
- kakkar.news
- October 16, 2025
- Punjab
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ: ਡਿਪਟੀ ਕਮਿਸ਼ਨਰ
ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ,
ਹਾਟਸਪਾਟ ਪਿੰਡਾਂ ਵਿੱਚ ਪੈਟਰੋਲਿੰਗ ਵਧਾਉਣ ਦੇ ਦਿੱਤੇ ਨਿਰਦੇਸ਼
ਫ਼ਿਰੋਜ਼ਪੁਰ, 16 ਅਕਤੂਬਰ 2025 (ਸਿਟੀਜਨਜ਼ ਵੋਇਸ)
ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ‘ਤੇ ਲਿਆਉਣ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਸਮੂਹ ਐਸ.ਡੀ.ਐਮਜ਼. ਅਤੇ ਡੀ.ਐਸ.ਪੀਜ਼ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿ) ਡਾ. ਨਿਧੀ ਕੁਮੁਦ ਬੰਬਾਹ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠਲ੍ਹ ਪਾਉਣ ਲਈ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼. ਆਪਸੀ ਤਾਲਮੇਲ ਅਤੇ ਸੰਜੀਦਗੀ ਨਾਲ ਕੰਮ ਕਰਨ। ਉਹਨਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀ ਵਾਢੀ ਕਰ ਲਈ ਗਈ ਹੈ ਉਹਨਾਂ ਪਿੰਡਾਂ ਵਿੱਚ ਹੋਰ ਅਗਾਂਹਵਧੂ ਕਿਸਾਨਾਂ ਨੂੰ ਨਾਲ ਲੈ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਸ਼ੁਰੂ ਹੋਣ ਨਾਲ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਮਿਲ ਰਹੀ ਸਬਸਿਡੀ ਵਾਲੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਅਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਜਨਤਕ ਮੀਟਿੰਗਾਂ ਕਰਕੇ ਲੋਕਾਂ ਨੂੰ ਪਰਾਲੀ ਸਾੜ੍ਹਨ ਨਾਲ ਮਨੁੱਖਾਂ, ਪਸ਼ੂ ਪੰਛੀਆਂ ਤੇ ਵਾਤਾਵਰਣ ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਉਚਿਤ ਨਿਪਟਾਰਾ ਜਾਂ ਸਾਂਭ ਸੰਭਾਲ ਕਰਨ ਅਤੇ ਪ੍ਰਸ਼ਾਸਨ ਨਾਲ ਮਿਲ ਕੇ ‘ਜ਼ੀਰੋ ਬਰਨਿੰਗ’ ਦਾ ਟੀਚਾ ਪ੍ਰਾਪਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਨਿਪਟਾਰੇ ਲਈ ਕਿਸਾਨਾਂ ਅਤੇ ਇੰਡਸਟਰੀ ਨਾਲ ਬੇਲਰ ਦੀ ਮੈਪਿੰਗ ਕੀਤੀ ਗਈ ਹੈ, ਇਸ ਲਈ ਕਿਸਾਨ ਵਾਢੀ ਤੋਂ ਉਪਰੰਤ ਪਰਾਲੀ ਦਾ ਸਹੀ ਨਿਪਟਾਰਾ ਅਤੇ ਸਾਂਭ ਸੰਭਾਲ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਰਨ।
ਇਸ ਮੌਕੇ ਐਸ.ਐਸ.ਪੀ. ਫ਼ਿਰੋਜ਼ਪੁਰ ਭੂਪਿੰਦਰ ਸਿੰਘ ਸਿੱਧੂ ਨੇ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲ਼ੀ ਨੂੰ ਅੱਗ ਨਾ ਲਗਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
ਮੀਟਿੰਗ ਵਿੱਚ ਐਸ.ਡੀ.ਐਮ. ਗੁਰੂਹਰਸਹਾਏ / ਫਿਰੋਜ਼ਪੁਰ ਹਰਬੰਸ ਸਿੰਘ, ਐਸ.ਡੀ.ਐਮ. ਜ਼ੀਰਾ ਅਰਵਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ, ਸਮੂਹ ਡੀ.ਐਸ.ਪੀਜ਼ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।