ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.
- 23 Views
- kakkar.news
- October 21, 2025
- Punjab
ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.
ਪੁਲਿਸ ਜਵਾਨਾਂ ਨੇ ਸ਼ਹੀਦਾਂ ਨੂੰ ਹਥਿਆਰ ਉੱਲਟੇ ਕਰਕੇ ਦਿੱਤੀ ਸੋਗ ਸਲਾਮੀ, ਸਾਰੇ ਅਧਿਕਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਫੁੱਲ ਮਲਾਵਾਂ ਭੇਟ ਕਰਕੇ ਮਨਾਇਆ ਗਿਆ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ
ਫ਼ਿਰੋਜ਼ਪੁਰ 21 ਅਕਤੂਬਰ 2025 (ਸਿਟੀਜਨਜ਼ ਵੋਇਸ)
ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਸ਼ਹੀਦੀ ਸਮਾਰਕ ‘ਤੇ ਪੁਲਿਸ, ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਫੁੱਲ੍ਹ ਮਲਾਵਾਂ ਭੇਟ ਕਰਕੇ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਐੱਸ.ਪੀ ਸ੍ਰੀ. ਕਰਨ ਸ਼ਰਮਾ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਅਤੇ ਮਹਿਮਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਉਪਰੰਤ ਵਿਸ਼ੇਸ਼ ਤੌਰ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਤੇ ਚੀਨੀਆਂ ਵੱਲੋਂ ਅਚਾਨਕ ਹਮਲਾ ਕੀਤਾ ਗਿਆ। ਜਿਸ ਵਿਚ ਭਾਰਤੀ ਪੁਲੀਸ ਦੇ 10 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਦੀ ਯਾਦ ਵਿਚ ਤੇ ਡਿਊਟੀ ਦੌਰਾਨ ਹੋਰ ਮਾਰੇ ਗਏ ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਦੀ ਯਾਦ ਤਾਜਾ ਰੱਖਣ ਲਈ ਸਾਲ 1960 ਵਿਚ ਸਮੂਹ ਸਟੇਟਾਂ ਦੇ ਆਈ.ਜੀ.ਪੀਜ਼ ਦੀ ਕਾਨਫ਼ਰੰਸ ਵਿਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਹਰ ਸਾਲ ਸਾਰੇ ਦੇਸ਼ ਵਿਚ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਹੋਰ ਪੁਲਿਸ ਯੂਨਿਟਾਂ ਵਿਚ 21 ਅਕਤੂਬਰ ਨੂੰ ਇਹ ਦਿਵਸ ਮਨਾਇਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਜਵਾਨਾਂ ਦੀਆਂ ਸ਼ਹੀਦੀਆਂ ਬਦੌਲਤ ਹੀ ਅੱਜ ਅਸੀਂ ਸ਼ਾਂਤੀ ਤੇ ਅਮਨ ਚੈਨ ਦੀ ਜ਼ਿੰਦਗੀ ਬਤੀਤ ਕਰ ਰਹੇ ਤੇ ਆਜ਼ਾਦ ਫ਼ਿਜ਼ਾ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਹੋ ਜਿਹੇ ਸ਼ਹੀਦਾਂ ਤੇ ਮਾਣ ਹੈ ਤੇ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜੀ ਹੈ। ਇਸ ਤੋਂ ਪਹਿਲਾ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਲਖਵੀਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ|
ਇਸ ਮੌਕੇ ਵੱਡੀ ਗਿਣਤੀ ਵਿਚ ਸਿਵਲ, ਹੋਮ ਗਾਰਡਜ਼, ਸ਼ਹੀਦਾਂ ਦੇ ਪਰਿਵਾਰ ਤੇ ਪੁਲੀਸ ਅਧਿਕਾਰੀ ਹਾਜ਼ਰ ਸਨ।


- October 21, 2025
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ – ਡਿਪਟੀ ਕਮਿਸ਼ਨਰ
