ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਪੱਧਰੀ 200 ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ
- 77 Views
- kakkar.news
- September 12, 2022
- Health Punjab
ਫ਼ਿਰੋਜ਼ਪੁਰ (ਸੁਭਾਸ਼ ਕੱਕੜ) 12/9/2022
ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਪੱਧਰੀ 200 ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ
ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ਤੇ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਮਨਜੂਰੀ ਪੱਤਰ ਜਾਰੀ ਕੀਤੇ ਜਾਣਗੇ।
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਾਲ 2022-23 ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ-ਸੰਭਾਲ ਕਰਨ ਲਈ ਲੋੜੀਂਦੀਆਂ ਮਸ਼ੀਨਾਂ ਕਿਸਾਨਾਂ ਨੂੰ ਕਰੱਪ ਰੈਜੀਡਿਊ ਮੇਨੈਜਮੈਂਟ ਸਕੀਮ ਅਧੀਨ ਸਬਸਿਡੀ ਉੱਤੇ ਮੁਹੱਈਆ ਕਰਵਾਉਣ ਲਈ ਪਾਰਦਰਸ਼ੀ ਤਰੀਕੇ ਨਾਲ ਡਰਾਅ ਕੱਢ ਕੇ ਸਬੰਧਿਤ ਨਿੱਜੀ ਕਿਸਾਨਾਂ, ਗਰਾਮ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਦਾ ਰਿਕਾਰਡ ਤਸਦੀਕ ਕਰਨ ਉਪਰੰਤ ਮਸ਼ੀਨਰੀ ਖਰੀਦਣ ਲਈ ਮਨਜੂਰੀ ਪੱਤਰ ਜਾਰੀ ਕੀਤੇ ਜਾ ਰਹੇ ਹਨ।
ਇਸ ਦੀ ਜਾਣਕਾਰੀ ਦਿੰਦਿਆਂ ਹੋਇਆ ਮੁੱਖ ਖੇਤੀਬਾੜੀ ਅਫਸਰ, ਫਿਰੋਜ਼ਪੁਰ ਡਾ: ਤੇਜਪਾਲ ਸਿੰਘ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਲਈ ਮਨਜੂਰੀ ਪੱਤਰ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਮਨਜੂਰੀ ਪੱਤਰ ਜਾਰੀ ਹੋਣ ਦੀ ਮਿਤੀ ਤੋਂ 14 ਦਿਨ ਦੇ ਅੰਦਰ-ਅੰਦਰ ਮਸ਼ੀਨਰੀ ਖਰੀਦਣੀ ਲਾਜ਼ਮੀ ਹੋਵੇਗੀ। ਜੇਕਰ ਕਿਸੇ ਨਿੱਜੀ ਕਿਸਾਨ, ਗਰਾਮ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਵੱਲੋਂ ਮਨਜੂਰੀ ਪੱਤਰ ਜਾਰੀ ਹੋਣ ਦੇ 14 ਦਿਨ ਦੇ ਅੰਦਰ-ਅੰਦਰ ਮਸ਼ੀਨਰੀ ਦੀ ਖਰੀਦ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਦਾ ਮਸ਼ੀਨਰੀ ਖਰੀਦਣ ਦਾ ਮਨਜੂਰੀ ਪੱਤਰ ਰੱਦ ਹੋ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਕਰ ਸਬਸਿਡੀ ਅਪਲਾਈ ਕਰਨ ਤੋਂ ਲੈ ਕੇ ਮਸ਼ੀਨਰੀ ਦੀ ਭੌਤਿਕ ਪੜਤਾਲ ਤੱਕ ਕਿਸੇ ਸਮੇਂ ਵੀ ਵਿਭਾਗ ਦੇ ਧਿਆਨ ਵਿੱਚ ਇਹ ਆਇਆ ਕਿ ਇਸ ਕਿਸਾਨ ਵੱਲੋਂ ਪਿਛਲੇ ਸਾਲਾਂ ਦੌਰਾਨ ਸਬਸਿਡੀ ਉੱਤੇ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਰੀ ਲਈ ਗਈ ਹੈ ਤਾਂ ਉਸਦੀ ਇਸ ਸਾਲ ਦੀ ਅਰਜੀ ਰੱਦ ਕਰ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫਸਰ, ਫਿਰੋਜ਼ਪੁਰ ਨੇ ਦੱਸਿਆ ਕਿ ਮਾਨਯੋਗ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ-ਸੰਭਾਲ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਪੱਧਰੀ 200 ਕਿਸਾਨ ਸਿਖਲਾਈ ਕੈਂਪ ਲਗਾਏ ਜਾਣਗੇ, ਜੋ ਕਿ ਮਿਤੀ 12-09-2022 ਤੋਂ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਵੀ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਹੀ ਸਾਂਭ-ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024