ਸਾਰਾਗੜ੍ਹੀ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਏ ਸਿੱਖ ਰੈਜੀਮੈਂਟ ਦੇ ਜਵਾਨਾਂ ਦੇ ਵਾਰਸਾਂ ਨੂੰ ਕੀਤਾ ਸਨਮਾਨਿਤ
- 182 Views
- kakkar.news
- September 12, 2022
- Punjab Religious
ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ, ਪੰਜਾਬ ਸ. ਫੌਜਾ ਸਿੰਘ ਸਰਾਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫ਼ਿਰੋਜ਼ਪੁਰ (ਸੁਭਾਸ਼ ਕੱਕੜ) 12 ਸਤੰਬਰ 2022
ਦੇਸ਼ ਦੀਆਂ ਦਸ ਸਭ ਤੋਂ ਮਹੱਤਵਪੂਰਨ ਲੜਾਈਆਂ ਵਿਚ ਸ਼ਾਮਿਲ ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ ਬਹਾਦਰ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਇਹ ਕੁਰਬਾਨੀ ਸਾਡੇ ਬੱਚਿਆਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ, ਪੰਜਾਬ ਸ. ਫੌਜਾ ਸਿੰਘ ਸਰਾਰੀ ਨੇ ਸੋਮਵਾਰ ਨੂੰ ਫ਼ਿਰੋਜ਼ਪੁਰ ਵਿਚ ਸਾਰਾਗੜ੍ਹੀ ਦਿਵਸ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ਦੀ ਅਗਵਾਈ ਕਰਦੇ ਹੋਏ ਕੀਤਾ।
ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਮੁੱਖ ਮਹਿਮਾਨ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਪੂਰੇ ਸੰਸਾਰ ਵਿਚ ਇਸ ਤਰ੍ਹਾਂ ਦੀ ਬਹਾਦਰੀ ਦੀ ਮਿਸਾਲ ਕਿੱਧਰੇ ਦੇਖਣ ਨੂੰ ਨਹੀਂ ਮਿਲਦੀ, ਜਿੱਥੇ ਸਿਰਫ਼ 21 ਵੀਰ ਜਵਾਨਾਂ ਨੇ ਦੁਸ਼ਮਣ ਦਲ ਦੀ 10 ਹਜ਼ਾਰ ਦੀ ਤਾਦਾਦ ਵਾਲੀ ਟੁਕੜੀ ਦਾ ਏਨੀ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਇਹ ਲੜਾਈ ਨਾ ਸਿਰਫ਼ ਭਾਰਤ ਬਲਕਿ ਦੁਨੀਆ ਦੀਆਂ ਇਤਿਹਾਸਕ ਲੜਾਈਆਂ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਪ੍ਰੋਗਰਾਮ ਦੌਰਾਨ ਉਨ੍ਹਾਂ ਸਾਰਾਗੜ੍ਹੀ ਦੀ ਲੜਾਈ ਵਿਚ ਸ਼ਹੀਦ ਹੋਏ 21 ਜਵਾਨਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਨੇ ਸਾਰਾਗੜ੍ਹੀ ਬਾਰੇ ਕਿਤਾਬਚਾ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਪੋਸਟਲ ਸਟੈਂਪ ਵੀ ਜਾਰੀ ਕੀਤੀ ਗਈ।
ਇਸ ਮੌਕੇ ਰਿਟਾਇਰਡ ਲੈਫਨੀਨੈਟ ਜਨਰਲ ਜੇ ਐਸ ਚੀਮਾ ਅਤੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਸ੍ਰੀ ਜੀ. ਐਸ. ਜੋਸਨ ਨੇ ਆਪਣੇ ਸੰਬੋਧਨ ਵਿੱਚ ਸ਼ਹੀਦ ਹੋਏ 21 ਸਿੱਖ ਜਵਾਨਾਂ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸਮਾਗਮ ਦੌਰਾਨ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਾਰਾਗੜ੍ਹੀ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਰਾਜ ਪੱਧਰ ਤੇ ਮਨਾਇਆ ਜਾ ਰਿਹਾ ਹੈ, ਇਸ ਨਾਲ ਇਸ ਇਤਿਹਾਸਕ ਲੜਾਈ ਬਾਰੇ ਦੇਸ਼-ਦੁਨੀਆਂ ਦੇ ਲੋਕ ਜਾਣੂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਸਾਡੀਆਂ ਨਵੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਨੇ ਮੁੱਖ ਮਹਿਮਾਨ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਮੇਜਰ ਜਨਰਲ ਐਚ.ਐਸ. ਵਾਂਦਰਾ, ਡਿਪਟੀ ਜੀਓਸੀ. ਡੀ.ਐਸ. ਮੂਰਤੀ, ਬ੍ਰਗੇਡੀਅਰ ਜੇ.ਐਸ. ਅਰੋੜਾ, ਕੈਪਟਨ ਅਮਰਜੀਤ ਸਿੰਘ, ਐੱਸ.ਐੱਸ.ਪੀ. ਫ਼ਿਰੋਜ਼ਪੁਰ ਸ੍ਰੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਐਸ.ਡੀ.ਐਮ. ਸ. ਰਣਜੀਤ ਸਿੰਘ ਸਮੇਤ ਸਿਵਲ, ਪੁਲਿਸ-ਪ੍ਰਸ਼ਾਸਨ ਅਤੇ ਆਰਮੀ ਦੇ ਕਈ ਅਧਿਕਾਰੀ ਹਾਜ਼ਰ ਸਨ।