ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਦੇ ਇੱਕ ਹੋਰ ਕਰਮਚੲਰੀ ਨੂੰ ਕੀਤਾ ਗ੍ਰਿਫਤਾਰ
- 115 Views
- kakkar.news
- September 12, 2022
- Crime Punjab
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਰੋਡਵੇਜ਼ ਦੇ ਇੱਕ ਹੋਰ ਕਰਮਚੲਰੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਹੋਰ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਰਿਸ਼ਵਤ ਲੈ ਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਦਰਜ ਮੁਕੱਦਮੇ ਵਿੱਚ ਸ਼ਾਮਲ ਹੈ।
ਫੜਿਆ ਗਿਆ ਮੁਲਜ਼ਮ ਸਤਨਾਮ ਸਿੰਘ, ਸਟੇਸ਼ਨ ਸੁਪਰਵਾਈਜ਼ਰ, ਪੰਜਾਬ ਰੋਡਵੇਜ਼, ਡਿਪੂ-1, ਜਲੰਧਰ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਭਗੌੜਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮਾਂ ‘ਤੇ ਨਿੱਜੀ ਬੱਸਾਂ ਨੂੰ ਫਾਇਦਾ ਪਹੁੰਚਾਉਣ ਲਈ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਵਸੂਲਣ ਦੇ ਦੋਸ਼ ਲੱਗੇ ਹਨ।
ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਪਹਿਲਾਂ ਹੀ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ ਐਫਆਈਆਰ ਨੰਬਰ 5 ਮਿਤੀ 30-04-2021 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਸਤਨਾਮ ਸਿੰਘ ਵਾਸੀ ਪਿੰਡ ਗੁਣਾਚੌਰ ਜ਼ਿਲ੍ਹਾ ਐਸਬੀਐਸ ਸ਼ਾਮਲ ਸੀ, ਨੂੰ ਅੱਜ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ, ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਜਾਰੀ ਹੈ।


