ਹਜ਼ਾਰਾ ਸਿੰਘ ਵਾਲਾ ਵਿੱਚ ਪੀਲੀਏ ਦਾ ਕਹਿਰ, 19 ਸਾਲਾ ਨੌਜਵਾਨ ਦੀ ਮੌਤ
- 1 Views
- kakkar.news
- March 26, 2026
- Punjab
ਫਿਰੋਜ਼ਪੁਰ 26 ਮਾਰਚ 2026 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਪੀਲੀਏ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਿੰਡ ਵਿੱਚ ਇਕ ਹੋਰ 19 ਸਾਲਾ ਨੌਜਵਾਨ ਅਰਸ਼ਦੀਪ ਦੀ ਮੌਤ ਹੋਣ ਨਾਲ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਨੌਜਵਾਨ ਦੀ ਮੌਤ ਪੀਲੀਏ ਕਾਰਨ ਹੋਈ ਹੈ।
ਜਾਣਕਾਰੀ ਅਨੁਸਾਰ ਅਰਸ਼ਦੀਪ ਡੇਰੇ ਤੋਂ ਵਾਪਸ ਘਰ ਆਉਂਦਿਆਂ ਅਚਾਨਕ ਬੇਹੋਸ਼ ਹੋ ਗਿਆ ਸੀ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਉੱਥੇ ਵੀ ਹਾਲਤ ਵਿੱਚ ਸੁਧਾਰ ਨਾ ਆਉਣ ‘ਤੇ ਉਸ ਨੂੰ ਏਮਜ਼ ਬਠਿੰਡਾ ਅਤੇ ਬਾਅਦ ਵਿੱਚ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਗੌਰ ਕਰਨਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿੰਡ ਵਿੱਚ ਇੱਕ ਛੋਟੀ ਬੱਚੀ ਦੀ ਪੀਲੀਏ ਕਾਰਨ ਮੌਤ ਹੋ ਚੁੱਕੀ ਹੈ। ਲਗਾਤਾਰ ਦੋ ਮੌਤਾਂ ਹੋਣ ਕਾਰਨ ਪਿੰਡ ਵਾਸੀਆਂ ਵਿੱਚ ਸਹਿਮ ਅਤੇ ਗੁੱਸਾ ਦੋਵੇਂ ਦੇਖਣ ਨੂੰ ਮਿਲ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਸਾਫ਼ ਪਾਣੀ ਅਤੇ ਸਿਹਤ ਸਹੂਲਤਾਂ ਦੀ ਕਮੀ ਕਾਰਨ ਇਹ ਹਾਲਾਤ ਬਣ ਰਹੇ ਹਨ।
ਇਸ ਸਬੰਧੀ ਡਾਕਟਰ ਰੇਖਾ ਭੱਟੀ ਨੇ ਦੱਸਿਆ ਕਿ ਪਿੰਡ ਦੀ ਕੁੱਲ ਆਬਾਦੀ ਕਰੀਬ 3500 ਹੈ, ਜਿਸ ਵਿੱਚੋਂ 1900 ਲੋਕਾਂ ਦੇ ਸੈਂਪਲ ਲਏ ਗਏ ਹਨ। ਇਨ੍ਹਾਂ ਵਿੱਚੋਂ 35 ਲੋਕਾਂ ਵਿੱਚ ਪੀਲੀਏ ਦੀ ਪੁਸ਼ਟੀ ਹੋਈ ਹੈ, ਜਦਕਿ 11 ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਿੰਡ ਦੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ।
ਡਾਕਟਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਉਬਾਲਿਆ ਹੋਇਆ ਜਾਂ ਸਾਫ਼ ਪਾਣੀ ਹੀ ਪੀਣ, ਬਾਹਰਲੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨ ਅਤੇ ਪਾਣੀ ਵਿੱਚ ਕਲੋਰੀਨ ਦਾ ਇਸਤੇਮਾਲ ਜ਼ਰੂਰ ਕਰਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕ ਸਾਵਧਾਨੀਆਂ ਨਹੀਂ ਵਰਤ ਰਹੇ, ਜੋ ਬਿਮਾਰੀ ਦੇ ਫੈਲਣ ਦਾ ਵੱਡਾ ਕਾਰਨ ਬਣ ਸਕਦਾ ਹੈ।
ਫਿਲਹਾਲ ਸਿਹਤ ਵਿਭਾਗ ਵੱਲੋਂ ਪਿੰਡ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ, ਪਰ ਲਗਾਤਾਰ ਵੱਧ ਰਹੇ ਮਾਮਲਿਆਂ ਅਤੇ ਮੌਤਾਂ ਨੇ ਪ੍ਰਸ਼ਾਸਨ ਅੱਗੇ ਵੱਡੀ ਚੁਣੌਤੀ ਖੜੀ ਕਰ ਦਿੱਤੀ ਹੈ।
