ਅਜਾਦ ਕਿਸਾਨ ਮੋਰਚਾ ਦਾ ਐਲਾਨ—ਮੁਆਵਜ਼ਾ ਨਾ ਮਿਲਿਆ ਤਾਂ ਪੰਜਾਬ ਭਰ ‘ਚ ਹੋਵੇਗਾ ਵੱਡਾ ਪ੍ਰਦਰਸ਼ਨ
- 11 Views
- kakkar.news
- April 27, 2026
- Punjab
ਅਜਾਦ ਕਿਸਾਨ ਮੋਰਚਾ ਦਾ ਐਲਾਨ—ਮੁਆਵਜ਼ਾ ਨਾ ਮਿਲਿਆ ਤਾਂ ਪੰਜਾਬ ਭਰ ‘ਚ ਹੋਵੇਗਾ ਵੱਡਾ ਪ੍ਰਦਰਸ਼ਨ
ਫਿਰੋਜ਼ਪੁਰ 27 ਅਪ੍ਰੈਲ 2026 (ਅਨੁਜ ਕੱਕੜ ਟੀਨੂੰ)
ਪ੍ਰੈਸ ਕਲੱਬ ਫਿਰੋਜ਼ਪੁਰ ਵਿੱਚ ਅਜਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਹਿੱਤਾਂ ਨੂੰ ਲੈ ਕੇ ਕਈ ਵੱਡੇ ਫੈਸਲੇ ਅਤੇ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ। ਮੋਰਚੇ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਮੱਲਾਂ ਵਾਲੇ ਤੋਂ ਘਰਿਆਲਾ ਸਟੇਸ਼ਨ ਤੱਕ ਬਣ ਰਹੀ ਰੇਲਵੇ ਲਾਈਨ ਲਈ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਘੱਟੋ-ਘੱਟ ਸਵਾ ਕਰੋੜ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਵੇਲੇ ਕਿਸਾਨਾਂ ਨੂੰ ਸਿਰਫ਼ 3 ਤੋਂ 6 ਲੱਖ ਰੁਪਏ ਪ੍ਰਤੀ ਏਕੜ ਦਿੱਤੇ ਜਾ ਰਹੇ ਹਨ, ਜੋ ਕਿ ਨਿਆਂਸੰਗਤ ਨਹੀਂ।
ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇ 30 ਅਪ੍ਰੈਲ ਤੱਕ ਅਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ 4 ਮਈ ਤੋਂ ਪੰਜਾਬ ਭਰ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਅਨਮਿੱਥੇ ਸਮੇਂ ਲਈ ਮੁਫ਼ਤ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ, ਲਗਾਤਾਰ ਬਿਜਲੀ ਕੱਟਾਂ ‘ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਗਿਆ ਕਿ ਜੇ ਹਾਲਾਤ ਨਾ ਸੁਧਰੇ ਤਾਂ 10 ਮਈ ਨੂੰ ਸੂਬੇ ਭਰ ਵਿੱਚ ਬਿਜਲੀ ਵਿਭਾਗ ਦੇ ਐਕਸੀਅਨ ਦਫਤਰਾਂ ਦਾ ਘਿਰਾਓ ਕੀਤਾ ਜਾਵੇਗਾ।
ਹੜਾਂ ਨਾਲ ਪ੍ਰਭਾਵਿਤ ਕਿਸਾਨਾਂ ਲਈ ਵੀ ਮੋਰਚੇ ਨੇ ਮੰਗ ਕੀਤੀ ਕਿ ਉਹਨਾਂ ਦੀ ਜ਼ਮੀਨ ਵਿੱਚ ਜਮ੍ਹੀ ਰੇਤ ਚੁੱਕਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਜ਼ਮੀਨ ਮੁੜ ਖੇਤੀਯੋਗ ਬਣ ਸਕੇ। ਇਸਦੇ ਨਾਲ ਹੀ ਬੀਬੀਐਮਬੀ ਵਿੱਚੋਂ ਪੰਜਾਬ ਦੀ ਭਾਗੀਦਾਰੀ ਖਤਮ ਕਰਨ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਇਸਨੂੰ ਤੁਰੰਤ ਮੁੜ ਬਹਾਲ ਕਰਨ ਦੀ ਮੰਗ ਕੀਤੀ ਗਈ।
ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਹੜ ਪੀੜਤ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
