ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸਵੈ ਜਨਗਣਨਾ ਦਾ ਖੁਦ ਫਾਰਮ ਭਰਿਆ
- 14 Views
- kakkar.news
- May 8, 2026
- Punjab
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸਵੈ ਜਨਗਣਨਾ ਦਾ ਖੁਦ ਫਾਰਮ ਭਰਿਆ
ਫ਼ਿਰੋਜ਼ਪੁਰ, 08 ਮਈ 2026 (ਅਨੁਜ ਕੱਕੜ ਟੀਨੂੰ)
ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ। ਇਸ ਵਿਵਸਥਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਸ ਸਮੇਂ ਦੌਰਾਨ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ। ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ।
