ਫਿਰੋਜ਼ਪੁਰ ਸਫਾਈ ਕਰਮਚਾਰੀਆਂ ਦੀ ਹੜਤਾਲ ਛੇਵੇਂ ਦਿਨ ਵਿੱਚ ਦਾਖਲ
- 103 Views
- kakkar.news
- May 11, 2026
- Punjab
ਫਿਰੋਜ਼ਪੁਰ ਸਫਾਈ ਕਰਮਚਾਰੀਆਂ ਦੀ ਹੜਤਾਲ ਛੇਵੇਂ ਦਿਨ ਵਿੱਚ ਦਾਖਲ
ਫਿਰੋਜ਼ਪੁਰ, 11 ਮਈ 2026 (ਅਨੁਜ ਕੱਕੜ ਟੀਨੂੰ)
ਪੰਜਾਬ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਅੱਜ ਛੇਵੇਂ ਦਿਨ ਵਿੱਚ ਦਾਖਲ ਹੋ ਗਈ। ਫਿਰੋਜ਼ਪੁਰ ਵਿੱਚ ਨਗਰ ਕੌਂਸਲ ਦਫ਼ਤਰ ਦੇ ਬਾਹਰ ਸਫਾਈ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕੀਤੀ ਗਈ।
ਹੜਤਾਲ ਦੇ ਚੱਲਦੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜਾ ਕਰਕਟ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿਕ਼ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੂੜੇ ਤੋਂ ਫੈਲ ਰਹੀ ਬਦਬੂ ਕਾਰਨ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ।
ਸਥਾਨਕ ਲੋਕਾਂ ਨੇ ਕਿਹਾ ਕਿ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਕੂੜਾ ਇਕੱਠਾ ਹੋਣ ਨਾਲ ਸ਼ਹਿਰ ਦਾ ਮਾਹੌਲ ਖਰਾਬ ਹੋ ਰਿਹਾ ਹੈ।
ਉੱਥੇ ਹੀ ਸਫਾਈ ਕਰਮਚਾਰੀਆਂ ਨੇ ਕਿਹਾ ਕਿ ਉਹਨਾਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨਾ ਸ਼ਾਮਲ ਹੈ। ਕਰਮਚਾਰੀਆਂ ਨੇ ਕਿਹਾ ਕਿ ਜਦ ਤੱਕ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ, ਹੜਤਾਲ ਜਾਰੀ ਰਹੇਗੀ।
ਦੂਜੇ ਪਾਸੇ ਨਗਰ ਕੌਂਸਲ ਦੇ ਈਓ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਕਈ ਮੰਗਾਂ ਪੰਜਾਬ ਸਰਕਾਰ ਨਾਲ ਸੰਬੰਧਿਤ ਹਨ ਅਤੇ ਸਰਕਾਰ ਇਸ ਮਾਮਲੇ ਨੂੰ ਵੇਖ ਰਹੀ ਹੈ।
