ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 7 ਕਿਲੋ ਤੋਂ ਵੱਧ ਹੈਰੋਇਨ ਬਰਾਮਦ
- 37 Views
- kakkar.news
- May 14, 2026
- Crime Punjab
ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 7 ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਫਿਰੋਜ਼ਪੁਰ, 14 ਮਈ 2026 (ਅਨੁਜ ਕੱਕੜ ਟੀਨੂੰ )
ਪੰਜਾਬ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅੰਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ।
ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਦੀ ਸੁਪਰਵੀਜ਼ਨ ਹੇਠ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਦੀ ਅਗਵਾਈ ਵਾਲੀ ਟੀਮ ਗਸ਼ਤ ਅਤੇ ਚੈਕਿੰਗ ਦੌਰਾਨ ਬੱਸ ਅੱਡਾ ਘੱਲ ਖੁਰਦ ਵਿਖੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਖੁਫੀਆ ਸੂਚਨਾ ਮਿਲੀ ਕਿ ਆਕਾਸ਼ਦੀਪ ਉਰਫ਼ ਆਕਾਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਬੇਟੂਕਦੀਨ ਥਾਣਾ ਮਮਦੋਟ ਅਤੇ ਰੋਬਿਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਗਾਹਕਾਂ ਦੀ ਉਡੀਕ ਵਿੱਚ ਖੜੇ ਹਨ।
ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਦੋਵੇਂ ਆਰੋਪੀਆਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਆਰੋਪੀਆਂ ਕੋਲੋਂ ਇੱਕ ਕਿਲੋ 536 ਗ੍ਰਾਮ ਹੈਰੋਇਨ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਘੱਲ ਖੁਰਦ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਐਸਐਸਪੀ ਨੇ ਦੱਸਿਆ ਕਿ ਦੌਰਾਨੇ ਤਫਤੀਸ਼ ਰੋਬਿਨ ਕੁਮਾਰ ਦੀ ਪੁੱਛਗਿੱਛ ‘ਤੇ ਉਸਦੇ ਘਰੋਂ ਹੋਰ ਚਾਰ ਕਿਲੋ 171 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਉਸਨੇ ਖੁਲਾਸਾ ਕੀਤਾ ਕਿ ਸੰਤੋਸ਼ ਰਾਣੀ ਪਤਨੀ ਮਨਜੀਤ ਸਿੰਘ ਅਤੇ ਉਸਦਾ ਪੁੱਤਰ ਵੀ ਇਸ ਧੰਦੇ ਵਿੱਚ ਸ਼ਾਮਲ ਹਨ।
ਪੁਲਿਸ ਵੱਲੋਂ ਅਗਲੀ ਕਾਰਵਾਈ ਕਰਦਿਆਂ ਸੰਤੋਸ਼ ਰਾਣੀ ਦੇ ਘਰ ‘ਤੇ ਰੇਡ ਕੀਤੀ ਗਈ, ਜਿੱਥੋਂ ਦੋ ਕਿਲੋ 151 ਗ੍ਰਾਮ ਹੈਰੋਇਨ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਪੁਲਿਸ ਨੇ ਸੰਤੋਸ਼ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਉਸਦੇ ਪੁੱਤਰ ਨੂੰ ਡਿਟੇਨ ਕੀਤਾ ਗਿਆ ਹੈ।
ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬਰਾਮਦ ਹੋਏ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
