ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 3 ਰੁਪਏ ਦਾ ਹੋਇਆ ਵਾਧਾ
- 42 Views
- kakkar.news
- May 15, 2026
- Punjab
ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 3 ਰੁਪਏ ਦਾ ਹੋਇਆ ਵਾਧਾ
ਫਿਰੋਜ਼ਪੁਰ 15 ਮਈ 2026 ( ਅਨੁਜ ਕੱਕੜ ਟੀਨੂੰ )
ਦੇਸ਼ ਭਰ ਵਿੱਚ ਇੱਕ ਵਾਰ ਫਿਰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਦੇਰ ਰਾਤ ਲਏ ਗਏ ਫੈਸਲੇ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੋਵੇਂ ਦੀਆਂ ਕੀਮਤਾਂ ਵਿੱਚ ਕਰੀਬ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਨਵੀਆਂ ਕੀਮਤਾਂ ਰਾਤ 12 ਵਜੇ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸ ਵਾਧੇ ਨਾਲ ਆਮ ਲੋਕਾਂ ਦੀ ਜੇਬ ‘ਤੇ ਹੋਰ ਬੋਝ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਕੀਮਤਾਂ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਪੰਪਾਂ ‘ਤੇ ਨਵੀਆਂ ਦਰਾਂ ਲਾਗੂ ਹੋ ਗਈਆਂ ਹਨ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਨਾਰਮਲ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਭਾਵੇਂ “ਸਰਕਾਰ ਵੱਲੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਗਈਆਂ ਹਨ। ਪਰ ਸਾਡੇ ਕੋਲ ਪੈਟਰੋਲ ਅਤੇ ਡੀਜ਼ਲ ਦੀ ਪੂਰੀ ਸਪਲਾਈ ਹੈ, ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ।”
ਉੱਥੇ ਹੀ ਆਮ ਲੋਕਾਂ ਵਿੱਚ ਇਸ ਫੈਸਲੇ ਨੂੰ ਲੈ ਕੇ ਨਾਰਾਜ਼ਗੀ ਵੀ ਵੇਖਣ ਨੂੰ ਮਿਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਕਾਫੀ ਵੱਧ ਚੁੱਕੀ ਹੈ ਅਤੇ ਹੁਣ ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ ਦੇ ਰੇਟ ਵੀ ਵੱਧ ਸਕਦੇ ਹਨ।
“ਹਰ ਚੀਜ਼ ਪਹਿਲਾਂ ਹੀ ਮਹਿੰਗੀ ਹੈ। ਹੁਣ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਣ ਨਾਲ ਆਵਾਜਾਈ ਦਾ ਖਰਚਾ ਵੀ ਵਧੇਗਾ ਅਤੇ ਅਸਰ ਸਿੱਧਾ ਆਮ ਆਦਮੀ ‘ਤੇ ਪਵੇਗਾ।”
ਮਾਹਿਰਾਂ ਦੀ ਮੰਨੀਏ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਟਰਾਂਸਪੋਰਟ, ਖਾਣ-ਪੀਣ ਅਤੇ ਹੋਰ ਜ਼ਰੂਰੀ ਸਮਾਨ ਦੀਆਂ ਕੀਮਤਾਂ ‘ਤੇ ਵੀ ਪੈ ਸਕਦਾ ਹੈ। ਫਿਲਹਾਲ ਲੋਕਾਂ ਦੀ ਨਜ਼ਰ ਸਰਕਾਰ ਦੇ ਅਗਲੇ ਕਦਮਾਂ ‘ਤੇ ਟਿਕੀ ਹੋਈ ਹੈ।
