ਡਿਪਟੀ ਕਮਿਸ਼ਨਰ ਵੱਲੋਂ 35 ਵਿਦਿਆਰਥੀ ਐਜੂਕੇਸ਼ਨ ਐਕਸੀਲੈਂਸ ਐਵਾਰਡ 2026 ਨਾਲ ਸਨਮਾਨਿਤ
- 15 Views
- kakkar.news
- May 22, 2026
- Punjab
ਡਿਪਟੀ ਕਮਿਸ਼ਨਰ ਵੱਲੋਂ 35 ਵਿਦਿਆਰਥੀ ਐਜੂਕੇਸ਼ਨ ਐਕਸੀਲੈਂਸ ਐਵਾਰਡ 2026 ਨਾਲ ਸਨਮਾਨਿਤ
ਫਿਰੋਜ਼ਪੁਰ 22 ਮਈ 2026 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਅਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਪ੍ਰਤੀਯੋਗੀ ਮਾਹੌਲ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ, ਜਿਸ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਹਾਲੀਆ ਨਤੀਜਿਆਂ ਵਿੱਚ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮੈਰਿਟ ਹਾਸਲ ਕਰਨ ਵਾਲੇ 35 ਵਿਦਿਆਰਥੀਆਂ ਨੂੰ ਐਜੂਕੇਸ਼ਨ ਐਕਸੀਲੈਂਸ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਨੇ ਆਪਣੇ ਪ੍ਰੇਰਨਾਦਾਇਕ ਅਤੇ ਕੁੰਜੀਵਤ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਹੋਣਹਾਰ ਬੱਚੇ ਜ਼ਿਲ੍ਹੇ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਹਨ, ਜਿਨ੍ਹਾਂ ਦੀ ਮਿਹਨਤ ਅਤੇ ਲਗਨ ਨਾਲ ਫ਼ਿਰੋਜ਼ਪੁਰ ਦਾ ਨਾਮ ਸੂਬਾ ਪੱਧਰ ’ਤੇ ਰੌਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਅਜਿਹੇ ਵਿਦਿਆਰਥੀ ਹੋਰਾਂ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਦੇ ਪਿੱਛੇ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦਾ ਸਹਿਯੋਗ ਵੀ ਬਰਾਬਰ ਮਹੱਤਵ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਸਕਣ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਵਿਦਿਆਰਥੀਆਂ ਦੇ ਮਨੋਬਲ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ ਅਤੇ ਅੱਜ ਦੇ ਇਹ ਮੈਰਿਟ ਹੋਲਡਰ ਵਿਦਿਆਰਥੀ ਹੋਰ ਬੱਚਿਆਂ ਲਈ ਪ੍ਰੇਰਣਾ ਸਰੋਤ ਬਣਨਗੇ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਤ ਕਰਕੇ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਿੱਖਿਆ ਹੀ ਸਮਾਜਿਕ ਤਰੱਕੀ ਦਾ ਸਭ ਤੋਂ ਮਜ਼ਬੂਤ ਆਧਾਰ ਹੈ। ਸਮਾਗਮ ਦੌਰਾਨ ਸਕੂਲ ਮੁਖੀਆਂ, ਅਧਿਆਪਕਾਂ, ਮਾਪਿਆਂ ਅਤੇ ਹੋਰ ਪ੍ਰਮੁੱਖ ਹਸਤੀਆਂ ਦੀ ਵੀ ਹਾਜ਼ਰੀ ਰਹੀ।
