ਮੁਲਾਜ਼ਮਾਂ ਦੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿੱਚ ਕੰਮਕਾਜ ਠੱਪ
- 10 Views
- kakkar.news
- June 2, 2026
- Punjab
ਮੁਲਾਜ਼ਮਾਂ ਦੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿੱਚ ਕੰਮਕਾਜ ਠੱਪ
ਫਿਰੋਜ਼ਪੁਰ, 2 ਜੂਨ 2026 (ਅਨੁਜ ਕੱਕੜ ਟੀਨੂੰ)
ਅੱਜ ਸਥਾਨਕ ਸੇਵਾ ਕੇਂਦਰ ਵਿੱਚ ਉਸ ਵੇਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਦਫ਼ਤਰ ਵਿੱਚ ਕੋਈ ਵੀ ਮੁਲਾਜ਼ਮ ਮੌਜੂਦ ਨਹੀਂ ਸੀ। ਆਪਣੇ ਜ਼ਰੂਰੀ ਕੰਮਾਂ ਲਈ ਸੇਵਾ ਕੇਂਦਰ ਪਹੁੰਚੇ ਲੋਕਾਂ ਨੂੰ ਖਾਲੀ ਕੁਰਸੀਆਂ ਹੀ ਨਜ਼ਰ ਆਈਆਂ, ਜਿਸ ਕਾਰਨ ਉਹ ਨਿਰਾਸ਼ ਹੋ ਕੇ ਵਾਪਸ ਮੁੜਨ ਲਈ ਮਜਬੂਰ ਹੋਏ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਜਨਮ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ ਅਤੇ ਹੋਰ ਅਹਿਮ ਦਸਤਾਵੇਜ਼ਾਂ ਸਬੰਧੀ ਕੰਮ ਕਰਵਾਉਣ ਲਈ ਆਏ ਸਨ, ਪਰ ਸੇਵਾ ਕੇਂਦਰ ਵਿੱਚ ਕੋਈ ਕਰਮਚਾਰੀ ਨਾ ਹੋਣ ਕਾਰਨ ਉਨ੍ਹਾਂ ਦੇ ਕੰਮ ਨਹੀਂ ਹੋ ਸਕੇ।
ਜਦੋਂ ਇਸ ਸਬੰਧੀ ਸੇਵਾ ਕੇਂਦਰ ਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਘੱਟ ਤਨਖਾਹਾਂ ਅਤੇ ਹੋਰ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਡੀਸੀ ਕੰਪਲੈਕਸ ਵਿਖੇ ਧਰਨਾ ਦੇ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਹੜਤਾਲ ਸਿਰਫ਼ ਫਿਰੋਜ਼ਪੁਰ ਤੱਕ ਸੀਮਿਤ ਨਹੀਂ ਹੈ, ਸਗੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੇਵਾ ਕੇਂਦਰਾਂ ਦੇ ਕਰਮਚਾਰੀ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਕੇ ਪ੍ਰਦਰਸ਼ਨ ਕਰ ਰਹੇ ਹਨ।
ਸੇਵਾ ਕੇਂਦਰ ਦੇ ਬਾਹਰ ਲਗਾਏ ਗਏ ਨੋਟਿਸਾਂ ਅਨੁਸਾਰ ਇਹ ਹੜਤਾਲ 2 ਜੂਨ ਤੋਂ ਸ਼ੁਰੂ ਕੀਤੀ ਗਈ ਹੈ। ਹੜਤਾਲ ਕਾਰਨ ਆਮ ਲੋਕਾਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਸਰਕਾਰੀ ਸੇਵਾਵਾਂ ਨਾਲ ਜੁੜੇ ਕਈ ਜ਼ਰੂਰੀ ਕੰਮ ਪ੍ਰਭਾਵਿਤ ਹੋ ਰਹੇ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਰਾਹੀਂ ਕੋਈ ਹੱਲ ਨਿਕਲਦਾ ਹੈ ਜਾਂ ਫਿਰ ਇਹ ਸੰਘਰਸ਼ ਹੋਰ ਲੰਬਾ ਚੱਲਦਾ ਹੈ। ਇਸ ਦੌਰਾਨ ਲੋਕਾਂ ਦੀਆਂ ਉਮੀਦਾਂ ਸਰਕਾਰ ਅਤੇ ਪ੍ਰਸ਼ਾਸਨ ਵੱਲ ਟਿਕੀਆਂ ਹੋਈਆਂ ਹਨ ਤਾਂ ਜੋ ਸੇਵਾ ਕੇਂਦਰਾਂ ਦਾ ਕੰਮਕਾਜ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਸਕੇ।
