ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ’ਤੇ 11 ਟੀਮਾਂ ਦਾ ਗਠਨ
- 14 Views
- kakkar.news
- June 2, 2026
- Punjab
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ’ਤੇ 11 ਟੀਮਾਂ ਦਾ ਗਠਨ
ਫਿਰੋਜ਼ਪੁਰ, 2 ਜੂਨ 2026 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਆਈ.ਏ.ਐਸ. ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੀਆਂ ਗਤੀਵਿਧੀਆਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਨੋਡਲ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕਰਦਿਆਂ 11 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਗ੍ਰੀਵੈਂਸ/ਕੰਪਲੇਂਟ ਰੀਡਰੈੱਸਲ ਸੈੱਲ, ਤਕਨੀਕੀ ਸਮੱਸਿਆਵਾਂ ਦੇ ਹੱਲ ਲਈ ਆਈ.ਟੀ. ਟਰਬਲ ਸ਼ੂਟਿੰਗ ਟੀਮ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਿਖਲਾਈ ਲਈ ਟ੍ਰੇਨਿੰਗ ਮੈਨੇਜਮੈਂਟ ਟੀਮ, ਲੋੜੀਂਦੀ ਸਮੱਗਰੀ ਦੀ ਪ੍ਰਾਪਤੀ ਅਤੇ ਵੰਡ ਲਈ ਮਟੀਰੀਅਲ ਮੈਨੇਜਮੈਂਟ ਟੀਮ, ਮੀਡੀਆ ਮਾਨੀਟਰਿੰਗ ਟੀਮ, ਮੀਡੀਆ ਕੋਆਰਡੀਨੇਸ਼ਨ ਟੀਮ, ਐਸ.ਵੀ.ਈ.ਈ.ਪੀ. (SVEEP) ਟੀਮ, ਰਿਪੋਰਟਿੰਗ ਟੀਮ, ਲੀਗਲ ਟੀਮ, ਬੀ.ਐਲ.ਓਜ਼ ਅਤੇ ਹੋਰ ਡਿਊਟੀ ’ਤੇ ਤਾਇਨਾਤ ਅਮਲੇ ਦੀ ਭਲਾਈ ਲਈ ਵੈਲਫੇਅਰ ਟੀਮ ਅਤੇ ਜ਼ਿਲ੍ਹਾ ਪੱਧਰ ’ਤੇ ਸੋਸ਼ਲ ਮੀਡੀਆ ਟੀਮ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਹ ਟੀਮਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ ਦੌਰਾਨ ਸ਼ਿਕਾਇਤਾਂ ਦੇ ਨਿਪਟਾਰੇ, ਤਕਨੀਕੀ ਸਹਾਇਤਾ, ਸਿਖਲਾਈ, ਸਮੱਗਰੀ ਪ੍ਰਬੰਧਨ, ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਜਾਗਰੂਕਤਾ ਫੈਲਾਉਣ, ਕਾਨੂੰਨੀ ਮਾਮਲਿਆਂ ਦੇ ਨਿਪਟਾਰੇ, ਰੋਜ਼ਾਨਾ ਪ੍ਰਗਤੀ ਰਿਪੋਰਟਾਂ ਦੀ ਤਿਆਰੀ ਅਤੇ ਫੀਲਡ ਅਮਲੇ ਦੀ ਭਲਾਈ ਨਾਲ ਸਬੰਧਤ ਕੰਮਾਂ ਦੀ ਨਿਗਰਾਨੀ ਕਰਨਗੀਆਂ।
ਸ੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸਾਰੀਆਂ ਟੀਮਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨਾਲ ਸਬੰਧਤ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੀ ਸਮੁੱਚੀ ਨਿਗਰਾਨੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ, ਪੀ.ਸੀ.ਐਸ. ਵੱਲੋਂ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵੱਧ ਸ਼ੁੱਧ, ਪਾਰਦਰਸ਼ੀ ਢੰਗ ਨਾਲ ਅਪਡੇਟ ਕਰਨਾ ਹੈ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਲੋਕਤੰਤਰਿਕ ਪ੍ਰਕਿਰਿਆ ਹੋਰ ਮਜ਼ਬੂਤ ਬਣੇ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਸ ਮਹੱਤਵਪੂਰਨ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਨੂੰ ਯਕੀਨੀ ਬਣਾਉਣ।
