ਫਿਰੋਜ਼ਸ਼ਾਹ ਟੋਲ ਪਲਾਜ਼ਾ ‘ਤੇ ਜ਼ਮੀਨੀ ਵਿਵਾਦ ਨੇ ਫੜਿਆ ਤੂਲ, ਕਿਸਾਨ ਨੇ ਟੋਲ ਦੀ ਜ਼ਮੀਨ ‘ਚ ਬੀਜਿਆ ਝੋਨਾ
- 25 Views
- kakkar.news
- June 10, 2026
- Punjab
ਫਿਰੋਜ਼ਸ਼ਾਹ ਟੋਲ ਪਲਾਜ਼ਾ ‘ਤੇ ਜ਼ਮੀਨੀ ਵਿਵਾਦ ਨੇ ਫੜਿਆ ਤੂਲ, ਕਿਸਾਨ ਨੇ ਟੋਲ ਦੀ ਜ਼ਮੀਨ ‘ਚ ਬੀਜਿਆ ਝੋਨਾ
ਫਿਰੋਜ਼ਪੁਰ, 10 ਜੂਨ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਪਿੰਡ ਫਿਰੋਜ਼ਸ਼ਾਹ ਸਥਿਤ ਟੋਲ ਪਲਾਜ਼ਾ ‘ਤੇ ਉਸ ਵੇਲੇ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਇੱਕ ਕਿਸਾਨ ਨੇ ਟੋਲ ਪਲਾਜ਼ਾ ਦੀ ਵਿਵਾਦਤ ਜ਼ਮੀਨ ‘ਤੇ ਆਪਣਾ ਮਾਲਕੀ ਹੱਕ ਜਤਾਉਂਦੇ ਹੋਏ ਮਿੱਟੀ ਪਾ ਕੇ ਝੋਨੇ ਦੀ ਬਿਜਾਈ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਇਹ ਮਾਮਲਾ ਸਾਲ 2018 ਤੋਂ ਚੱਲ ਰਿਹਾ ਹੈ, ਜਦੋਂ ਫਿਰੋਜ਼ਸ਼ਾਹ ਟੋਲ ਪਲਾਜ਼ਾ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਉਸ ਸਮੇਂ ਕੁਝ ਕਿਸਾਨਾਂ ਦੀ ਜ਼ਮੀਨ ਟੋਲ ਪਲਾਜ਼ਾ ਦੇ ਘੇਰੇ ਵਿੱਚ ਆਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਸਬੰਧੀ ਦਾਅਵੇਦਾਰੀਆਂ ਲਗਾਤਾਰ ਚੱਲਦੀਆਂ ਰਹੀਆਂ ਅਤੇ ਮਾਮਲਾ ਅਦਾਲਤ ਤੱਕ ਵੀ ਪਹੁੰਚਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਵਿਵਾਦਤ ਜ਼ਮੀਨ ਉਨ੍ਹਾਂ ਦੀ ਮਲਕੀਅਤ ਹੈ। ਇਸੇ ਦੇ ਚਲਦਿਆਂ ਅੱਜ ਕਿਸਾਨਾਂ ਨੇ ਟੋਲ ਪਲਾਜ਼ਾ ਦੇ ਉਸ ਹਿੱਸੇ ‘ਤੇ ਮਿੱਟੀ ਪਾ ਕੇ ਝੋਨੇ ਦੀ ਬਿਜਾਈ ਕਰ ਦਿੱਤੀ ਅਤੇ ਰਸਤਾ ਬੰਦ ਕਰਨ ਦਾ ਫ਼ੈਸਲਾ ਵੀ ਲਿਆ। ਜਿਵੇਂ ਹੀ ਇਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਮਿਲੀ ਤਾਂ ਅਧਿਕਾਰੀ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।
ਮੌਕੇ ‘ਤੇ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਸੀ। ਇੱਕ ਪਾਸੇ ਕਿਸਾਨ ਆਪਣੀ ਜ਼ਮੀਨ ‘ਤੇ ਹੱਕ ਦਾ ਦਾਅਵਾ ਕਰਦੇ ਨਜ਼ਰ ਆਏ, ਜਦਕਿ ਦੂਜੇ ਪਾਸੇ ਪੁਲਿਸ ਅਤੇ ਪ੍ਰਸ਼ਾਸਨ ਕਿਸਾਨਾਂ ਨਾਲ ਗੱਲਬਾਤ ਕਰਕੇ ਮਾਮਲੇ ਦਾ ਸ਼ਾਂਤੀਪੂਰਨ ਹੱਲ ਕੱਢਣ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ।
ਇਸ ਮੌਕੇ ਕਿਸਾਨ ਗੁਰਸੇਵਕ ਸਿੰਘ, ਜੋ ਕਿ ਜ਼ਮੀਨ ‘ਤੇ ਮਲਕੀਅਤ ਦਾ ਦਾਅਵਾ ਕਰ ਰਹੇ ਹਨ, ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਆਪਣੀ ਜ਼ਮੀਨ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ।
ਉੱਥੇ ਹੀ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦਾ ਜਲਦ ਤੋਂ ਜਲਦ ਹੱਲ ਕੱਢਿਆ ਜਾ ਸਕੇ।
ਦੂਜੇ ਪਾਸੇ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਕਿਹਾ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਗੱਲਬਾਤ ਜਾਰੀ ਹੈ।
ਫਿਲਹਾਲ ਪ੍ਰਸ਼ਾਸਨ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ ਅਤੇ ਮਾਮਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਸੁਲਝਾਉਣ ਦੇ ਯਤਨ ਕੀਤੇ ਜਾ ਰਹੇ ਹਨ।
