ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੀ ਜਾਵੇਗੀ ਪ੍ਰੋਤਸਾਹਨ ਰਾਸ਼ੀ
- 10 Views
- kakkar.news
- June 12, 2026
- Punjab
ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੀ ਜਾਵੇਗੀ ਪ੍ਰੋਤਸਾਹਨ ਰਾਸ਼ੀ
ਫਿਰੋਜ਼ਪੁਰ, 12 ਜੂਨ 2026 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੇ ਘੱਟ ਰਹੇ ਸਰੋਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਣੀ ਦੀ ਬਚਤ ਕਰਨ ਵਾਲੀ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਖੇਤੀਬਾੜੀ ਵਿਭਾਗ ਰਾਹੀਂ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਪ੍ਰੋਤਸਾਹਨ ਰਾਸ਼ੀ ਦੀ ਪ੍ਰਾਪਤੀ ਲਈ ਕਿਸਾਨ ਨੂੰ ਡੀ.ਐਸ.ਆਰ. ਪੋਰਟਲ ਤੇ 15 ਜੂਨ ਤੱਕ ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟ੍ਰੇਸ਼ਨ ਕਰਵਾਉਣੀ ਜਰੂਰੀ ਹੈ। ਜਾਣਕਾਰੀ ਦਿੰਦਿਆਂ ਡਾ: ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕੱਦੂ ਕਰਕੇ ਲਾਏ ਝੋਨੇ ਨਾਲੋਂ ਸਿੱਧੀ ਬਿਜਾਈ ਦੇ ਫਾਇਦਿਆਂ ਬਾਰੇ ਦੱਸਿਆ ਕਿ ਇਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ, ਜ਼ਮੀਨ ਵਿੱਚ ਪਾਣੀ ਦਾ 10 ਤੋਂ 12 ਪ੍ਰਤੀਸ਼ਤ ਜਿਆਦਾ ਰੀਚਾਰਜ, ਮਜ਼ਦੂਰੀ ਦੀ ਬੱਚਤ, ਘੱਟ ਬਿਮਾਰੀਆਂ ਅਤੇ ਅਗਲੀ ਕਣਕ ਦੀ ਫ਼ਸਲ ਦਾ ਇੱਕ ਕੁਇੰਟਲ ਜ਼ਿਆਦਾ ਝਾੜ ਮਿਲਦਾ ਹੈ।
ਉਹਨਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਲਾਕ ਪੱਧਰ ਤੇ ਸਥਿਤ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ, ਝੋਨੇ ਦੀ ਸਿੱਧੀ ਬਿਜਾਈ ਦੀ 15 ਜੂਨ ਤੋਂ ਪਹਿਲਾਂ-ਪਹਿਲਾਂ ਰਜਿਸਟ੍ਰੇਸ਼ਨ ਕਰਵਾਈ ਜਾਵੇ, ਤਾਂ ਜੋ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਬਾਸਮਤੀ ਕਿਸਮਾਂ ਦੀ ਬਿਜਾਈ ਸਮੇਂ ਸਿਰ ਕੀਤੀ ਜਾ ਸਕੇ।
