ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਇਕੱਠੀ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਵਿਲੱਖਣ ਪਹਿਲ
- kakkar.news
- June 17, 2026
- Punjab
ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਇਕੱਠੀ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਵਿਲੱਖਣ ਪਹਿਲ
ਫ਼ਿਰੋਜ਼ਪੁਰ, 17 ਜੂਨ 2026 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਚਾਰ ਵਿਸ਼ੇਸ਼ ਈ-ਰਿਕਸ਼ੇ ਰਵਾਨਾ ਕੀਤੇ ਗਏ। ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਅਭਿਸ਼ੇਕ ਸ਼ਰਮਾ ਅਤੇ ਡਾ. ਅਮਨਦੀਪ ਕੌਰ ਗੋਸਲ ਭੁੱਲਰ, ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਈ-ਰਿਕਸ਼ੇ ਹਰ ਰੋਜ਼ ਪੰਜ-ਪੰਜ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਵੀ ਇਕੱਠੀ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਹੀ ਇਸ ਸਮੱਸਿਆ ਦਾ ਮੁਕੰਮਲ ਹੱਲ ਸੰਭਵ ਹੈ।
ਵਿਧਾਇਕ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਈ-ਰਿਕਸ਼ਿਆਂ ਵਿੱਚ ਵਿਸ਼ੇਸ਼ ਸ਼ਿਕਾਇਤ ਬਕਸੇ ਲਗਾਏ ਗਏ ਹਨ, ਜਿਨ੍ਹਾਂ ਵਿੱਚ ਲੋਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਾ ਤਸਕਰਾਂ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਜਾਂ ਜਾਣਕਾਰੀਆਂ ਲਿਖ ਕੇ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਨੂੰ ਪੂਰਨ ਤੌਰ ’ਤੇ ਗੁਪਤ ਨਾਲ ਸਬੰਧਤ ਵਿਭਾਗਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਸ ਲੋਕ ਭਲਾਈ ਮੁਹਿੰਮ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਸ਼ਾਸਨ ਅਤੇ ਸਰਕਾਰ ਦਾ ਸਹਿਯੋਗ ਕਰਨ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026