ਫ਼ਿਰੋਜ਼ਪੁਰ ਵਿੱਚ ਸਰਕਾਰ ਖ਼ਿਲਾਫ਼ ਗਰਜੇ ਪੈਨਸ਼ਨਰ, ਲਟਕਦੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
- kakkar.news
- July 15, 2026
- Punjab
ਫ਼ਿਰੋਜ਼ਪੁਰ ਵਿੱਚ ਸਰਕਾਰ ਖ਼ਿਲਾਫ਼ ਗਰਜੇ ਪੈਨਸ਼ਨਰ, ਲਟਕਦੀਆਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ, 15 ਜੁਲਾਈ 2026 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਰਕਾਰ ਦੀਆਂ ਕਥਿਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਪੈਨਸ਼ਨਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਲਗਾਤਾਰ ਅਣਡਿੱਠਾ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਪੈਨਸ਼ਨਰ ਆਗੂ ਰਵਿੰਦਰ ਲੂਥਰ ਨੇ ਕਿਹਾ ਕਿ ਸਰਕਾਰ ਵੱਲੋਂ ਮਹਿੰਗਾਈ ਭੱਤੇ (DA) ਦਾ ਰੁਕਿਆ ਹੋਇਆ 18 ਫ਼ੀਸਦੀ ਬਕਾਇਆ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਹ ਬਕਾਇਆ ਤੁਰੰਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਜਾਰੀ ਕੀਤਾ ਜਾਵੇ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ 2.59 ਦੇ ਗੁਣਾਂਕ (Factor) ਦੇ ਅਧਾਰ ‘ਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਸਰਕਾਰੀ ਵਿਭਾਗਾਂ ਵਿੱਚ ਕੀਤੀ ਜਾ ਰਹੀ ਆਊਟਸੋਰਸਿੰਗ (ਠੇਕਾ ਪ੍ਰਣਾਲੀ) ਦੀ ਭਰਤੀ ਨੂੰ ਤੁਰੰਤ ਬੰਦ ਕਰਕੇ ਰੈਗੂਲਰ ਭਰਤੀਆਂ ਕੀਤੀਆਂ ਜਾਣ।
ਪੈਨਸ਼ਨਰ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਜਿਨ੍ਹਾਂ ਵਾਅਦਿਆਂ ਅਤੇ ਮੁੱਦਿਆਂ ਦੇ ਆਧਾਰ ‘ਤੇ ਸੱਤਾ ਵਿੱਚ ਆਈ ਸੀ, ਉਨ੍ਹਾਂ ਤੋਂ ਹੁਣ ਪੂਰੀ ਤਰ੍ਹਾਂ ਮੁਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
