65 ਸਾਲਾ ਵਿਅਕਤੀ ਦੇ ਮੱਥੇ ‘ਚ ਲੱਗੀਆਂ ਦੋ ਗੋਲੀਆਂ, ਹਾਲਤ ਨਾਜ਼ੁਕ, ਜਾਂਚ ‘ਚ ਜੁਟੀ ਪੁਲਿਸ
- kakkar.news
- July 27, 2026
- Punjab
65 ਸਾਲਾ ਵਿਅਕਤੀ ਦੇ ਮੱਥੇ ‘ਚ ਲੱਗੀਆਂ ਦੋ ਗੋਲੀਆਂ, ਹਾਲਤ ਨਾਜ਼ੁਕ, ਜਾਂਚ ‘ਚ ਜੁਟੀ ਪੁਲਿਸ
ਫਿਰੋਜ਼ਪੁਰ, 27 ਜੁਲਾਈ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਪਿੰਡ ਸੈਦੇ ਕੇ ਰੋਹੇਲਾ ਤੋਂ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿੱਥੇ 65 ਸਾਲਾ ਮਹਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਮੱਥੇ ਵਿੱਚ ਦੋ ਗੋਲੀਆਂ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲਾ ਇਲਾਜ ਕਰਨ ਤੋਂ ਬਾਅਦ ਅੱਗੇ ਇਲਾਜ ਲਈ ਰੈਫਰ ਕਰ ਦਿੱਤਾ।
ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੇ ਫਿਲਹਾਲ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਕਾਰਨ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਘਟਨਾ ਕਿਵੇਂ ਵਾਪਰੀ ਅਤੇ ਗੋਲੀਆਂ ਕਿਸ ਵੱਲੋਂ ਚਲਾਈਆਂ ਗਈਆਂ।
ਹਸਪਤਾਲ ਦੇ ਡਾਕਟਰ ਨੇ ਪੁਸ਼ਟੀ ਕੀਤੀ ਹੈ ਕਿ ਮਹਿੰਦਰ ਸਿੰਘ ਦੇ ਮੱਥੇ ਵਿੱਚ ਦੋ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਇਸ ਲਈ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ।
ਡੀਐਸਪੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਆਪਣੀ ਗੱਡੀ ‘ਤੇ ਦਵਾਈ ਲੈਣ ਲਈ ਜਾ ਰਹੇ ਸਨ, ਜਦੋਂ ਉਨ੍ਹਾਂ ਦੇ ਮੱਥੇ ਵਿੱਚ ਗੋਲੀਆਂ ਵੱਜੀਆਂ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਗੋਲੀਬਾਰੀ ਕਿਸ ਨੇ ਕੀਤੀ ਅਤੇ ਇਸ ਦੇ ਪਿੱਛੇ ਕੀ ਕਾਰਨ ਹਨ।
ਡੀਐਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
