ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ ਹੜਤਾਲ ‘ਤੇ, ਸਿਵਲ ਸਰਜਨ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
- kakkar.news
- July 27, 2026
- Health Punjab
ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ ਹੜਤਾਲ ‘ਤੇ, ਸਿਵਲ ਸਰਜਨ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
ਫਿਰੋਜ਼ਪੁਰ, 27 ਜੁਲਾਈ 2026 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਕਰੀਬ 100 ਨਵੇਂ ਆਮ ਆਦਮੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ। ਹਾਲੇ ਇਨ੍ਹਾਂ ਕਲੀਨਿਕਾਂ ਦਾ ਸਜਾਵਟੀ ਸਮਾਨ ਵੀ ਪੂਰੀ ਤਰ੍ਹਾਂ ਨਹੀਂ ਉਤਾਰਿਆ ਗਿਆ ਸੀ ਕਿ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ ਹੜਤਾਲ ‘ਤੇ ਚਲੇ ਗਏ।
ਹੜਤਾਲ ਦੇ ਤਹਿਤ ਮੈਡੀਕਲ ਅਫਸਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਨੇ ਆਪਣੇ-ਆਪਣੇ ਕਲੀਨਿਕ ਬੰਦ ਕਰਕੇ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਧਰਨੇ ‘ਤੇ ਬੈਠੇ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਵਾਰ-ਵਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਰੋਸ ਵਜੋਂ ਅੱਜ ਪੂਰੇ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਭਾਵਿਤ ਕਰਕੇ ਸਿਵਲ ਸਰਜਨ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਦੀ ਇਨਪੈਨਲਮੈਂਟ ਪ੍ਰਣਾਲੀ ਖਤਮ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ (ਡੀਐਚਐਸ) ਅਧੀਨ ਲਿਆਂਦਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਲਾਗੂ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ‘ਤੇ ਸਕਾਰਾਤਮਕ ਫੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਹੜਤਾਲ ਕਾਰਨ ਕਈ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ।
