ਫਿਰੋਜ਼ਪੁਰ ਵਿੱਚ ਕਥਿਤ ਗਊ ਹੱਤਿਆ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
- kakkar.news
- July 28, 2026
- Punjab
ਫਿਰੋਜ਼ਪੁਰ ਵਿੱਚ ਕਥਿਤ ਗਊ ਹੱਤਿਆ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਫ਼ਿਰੋਜ਼ਪੁਰ, 28 ਜੁਲਾਈ 2026 (ਅਨੁਜ ਕੱਕੜ ਟੀਨੂੰ)
ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਵਫ਼ਦ ਨੇ ਨਿਜ਼ਾਮਦੀਨ ਬਸਤੀ ਵਿਖੇ ਉਸ ਸਥਾਨ ਦਾ ਦੌਰਾ ਕੀਤਾ, ਜਿੱਥੇ ਕਥਿਤ ਤੌਰ ‘ਤੇ ਗਊ ਹੱਤਿਆ ਅਤੇ ਗਊ ਮਾਸ ਨਾਲ ਸੰਬੰਧਿਤ ਗੈਰ-ਕਾਨੂੰਨੀ ਗਤੀਵਿਧੀਆਂ ਸਾਹਮਣੇ ਆਈਆਂ ਹਨ। ਇਸ ਉਪਰੰਤ ਪਾਰਟੀ ਵੱਲੋਂ ਪੁਲਿਸ ਕਪਤਾਨ (ਐੱਸ.ਪੀ.ਡੀ) ਫਿਰੋਜ਼ਪੁਰ ਨੂੰ ਮਿਲ ਕੇ ਇਸ ਮਾਮਲੇ ਦੀ ਨਿਰਪੱਖ, ਤੇਜ਼ ਅਤੇ ਗਹਿਰਾਈ ਨਾਲ ਜਾਂਚ ਕਰਦੇ ਹੋਏ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਸ਼ਾਮਲ ਕਿਸੇ ਵੀ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਬਣ ਸਕਦਾ ਹੈ। ਇਸ ਲਈ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦਿਆਂ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਣਾ ਨਹੀਂ ਚਾਹੀਦਾ।
ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਨਾਲ ਜੁੜੇ ਪੂਰੇ ਨੈੱਟਵਰਕ ਦੀ ਵੀ ਜਾਂਚ ਕੀਤੀ ਜਾਵੇ ਅਤੇ ਜੇਕਰ ਗੈਰ-ਕਾਨੂੰਨੀ ਤੌਰ ‘ਤੇ ਕਿਸੇ ਵੀ ਤਰ੍ਹਾਂ ਦਾ ਮਾਸ ਹੋਰ ਸ਼ਹਿਰਾਂ ਜਾਂ ਕਸਬਿਆਂ ਵਿੱਚ ਭੇਜਿਆ ਗਿਆ ਹੈ ਤਾਂ ਉਸ ਦੀ ਵੀ ਪੂਰੀ ਪੜਤਾਲ ਕਰਕੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਿੰਦਰ ਸਿੰਘ ਕੁਲ, ਹੀਰਾ ਸਿੰਘ ਪੁੱਗਲ, ਸਾਗਰ ਨਰੂਲਾ, ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਰਾਜਨਬੀਰ ਸਿੰਘ ਢਿੱਲੋਂ, ਜ਼ਿਲ੍ਹਾ ਕੋਰ ਕਮੇਟੀ ਮੈਂਬਰ ਐੱਮ.ਸੀ. ਦਵਿੰਦਰ ਬਜਾਜ, ਸੁਰਿੰਦਰ ਸਿੰਘ ਬੱਗੇ ਕੇ ਪਿੱਪਲ, ਦਵਿੰਦਰ ਕਪੂਰ, ਕ੍ਰਿਸ਼ਨ ਨਰੂਲਾ, ਸੁਰਜੀਤ ਸਿੰਘ ਸਦਰ ਦੀਨ, ਵਿਜੇ ਕੈਤ,ਸਰਬਜੀਤ ਸ਼ਰਮਾ ਦਰਬਾਰਾ ਸਿੰਘ, ਅੰਗਰੇਜ਼ ਸਿੰਘ ਵੜਵਾਲ, ਸੁਖਮੰਦਰ ਸਿੰਘ ਮੀਸ਼ਰੀਆਲਾ, ਮੋਨੂ ਤਲਵੰਡੀ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਜਰਾਵਰ ਸਿੰਘ, ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਲਖਵਿੰਦਰ ਸਿੰਘ, ਮੇਜਰ ਸਿੰਘ ਟਿੱਬੀ, ਇੰਦਰ ਗੁਪਤਾ, ਪ੍ਰਦੀਪ ਨੰਦਾ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਨੂੰ ਜਲਦ ਮੁਕੰਮਲ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਗੈਰ-ਕਾਨੂੰਨੀ ਅਤੇ ਸਮਾਜ ਵਿਰੋਧੀ ਗਤੀਵਿਧੀ ਕਰਨ ਦੀ ਹਿੰਮਤ ਨਾ ਕਰ ਸਕੇ।
