ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ ਦਾ ਸਨਮਾਨ
- kakkar.news
- July 31, 2026
- Punjab
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ ਦਾ ਸਨਮਾਨ
ਫ਼ਿਰੋਜ਼ਪੁਰ, 31 ਜੁਲਾਈ 2026 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸਿਖਾ ਸ਼ਰਮਾ ਦੀ ਅਗਵਾਈ ਹੇਠ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਨੂੰ ਜ਼ਿਲ੍ਹੇ ਵਿੱਚ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿੱਚ ਘਰ-ਘਰ ਸਰਵੇ ਦਾ 100 ਫ਼ੀਸਦੀ ਕੰਮ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਡਿਪਟੀ ਕਮਿਸ਼ਨਰ ਵੱਲੋਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ (ਵ) ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਚੋਣ ਅਫ਼ਸਰ -ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਮੁਹਿੰਮ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿੱਚ ਨਿਰਧਾਰਿਤ ਸਮੇਂ ਤੋਂ ਪਹਿਲਾਂ ਘਰ-ਘਰ ਸਰਵੇ ਦਾ ਕੰਮ ਪੂਰਾ ਕਰਨਾ ਇੱਕ ਸ਼ਲਾਘਾਯੋਗ ਪ੍ਰਾਪਤੀ ਹੈ, ਜਿਸ ਦਾ ਸਿਹਰਾ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਦੀ ਸੁਚੱਜੀ ਯੋਜਨਾਬੰਦੀ, ਪ੍ਰਭਾਵਸ਼ਾਲੀ ਨਿਗਰਾਨੀ ਅਤੇ ਸਮੁੱਚੀ ਟੀਮ ਦੀ ਮਿਹਨਤ ਨੂੰ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਉਹਨਾਂ ਦੀ ਟੀਮ ਦਫ਼ਤਰੀ ਸਟਾਫ /ਸੁਪਰਵਾਈਜ਼ਰ ਅਤੇ ਬੀਐਲਓ ਸਾਹਿਬਾਨ ਨੇ ਪੂਰੀ ਨਿਸ਼ਠਾ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਂਦਿਆਂ ਸਰਵੇ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੀ ਵਚਨਬੱਧਤਾ, ਕਾਰਗੁਜ਼ਾਰੀ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੇ ਜ਼ਿਲ੍ਹੇ ਦੇ ਹੋਰਨਾਂ ਵਿਧਾਨ ਸਭਾ ਹਲਕਿਆਂ ਲਈ ਵੀ ਇੱਕ ਮਿਸਾਲ ਕਾਇਮ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਕਿ ਬਾਕੀ ਹਲਕਿਆਂ ਵਿੱਚ ਤਾਇਨਾਤ ਅਧਿਕਾਰੀ ਅਤੇ ਕਰਮਚਾਰੀ ਵੀ ਇਸੇ ਜਜ਼ਬੇ ਨਾਲ ਕੰਮ ਕਰਦਿਆਂ ਨਿਰਧਾਰਿਤ ਸਮੇਂ ਅੰਦਰ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਨਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਨਾ, ਅਯੋਗ ਐਂਟਰੀਆਂ ਨੂੰ ਦੂਰ ਕਰਨਾ ਅਤੇ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਅੱਪਡੇਟ ਬਣਾਉਣਾ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ, ਬੀ.ਐਲ.ਓਜ਼ ਅਤੇ ਹੋਰ ਕਰਮਚਾਰੀਆਂ ਦੇ ਸਹਿਯੋਗ ਨਾਲ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਪੜਾਅ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
ਸਨਮਾਨ ਪ੍ਰਾਪਤ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ (ਵ) ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਮੁੱਚੀ ਟੀਮ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੂਰੇ ਸਮਰਪਣ ਨਾਲ ਕੰਮ ਕਰਦਿਆਂ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
