ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਕੰਟਰੈਕਟ ਵਰਕਰਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ
- kakkar.news
- August 3, 2026
- Punjab
ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਕੰਟਰੈਕਟ ਵਰਕਰਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ
ਫਿਰੋਜਪੁਰ, 3 ਅਗਸਤ 2026 (ਅਨੁਜ ਕੱਕੜ ਟੀਨੂੰ)
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਪੰਜਾਬ ਭਰ ਵਿੱਚ ਤਿੰਨ ਦਿਨਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਹੜਤਾਲ ਦੇ ਪਹਿਲੇ ਦਿਨ ਹੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਕਾਰਨ ਆਮ ਯਾਤਰੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਕਰੀਬ 11 ਸਾਲਾਂ ਤੋਂ ਕੰਟਰੈਕਟ ਆਧਾਰ ‘ਤੇ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੀ ਮੰਗ ਹੈ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਆਊਟਸੋਰਸ ਮੁਲਾਜ਼ਮਾਂ ਨੂੰ ਵੀ ਕੰਟਰੈਕਟ ਅਧੀਨ ਲਿਆਂਦਾ ਜਾਵੇ, ਮੁਲਾਜ਼ਮਾਂ ਖ਼ਿਲਾਫ਼ ਦਰਜ ਨਜਾਇਜ਼ ਪਰਚੇ ਰੱਦ ਕੀਤੇ ਜਾਣ ਅਤੇ “ਬਰਾਬਰ ਕੰਮ, ਬਰਾਬਰ ਤਨਖਾਹ” ਦਾ ਸਿਧਾਂਤ ਲਾਗੂ ਕੀਤਾ ਜਾਵੇ।
ਇਸ ਤੋਂ ਇਲਾਵਾ ਯੂਨੀਅਨ ਨੇ ਕਿਲੋਮੀਟਰ ਸਕੀਮ ਅਧੀਨ ਚੱਲ ਰਹੀਆਂ ਬੱਸਾਂ ਨੂੰ ਬੰਦ ਕਰਕੇ ਸਰਕਾਰੀ ਬੱਸਾਂ ਚਲਾਉਣ ਦੀ ਵੀ ਮੰਗ ਕੀਤੀ ਹੈ। ਯੂਨੀਅਨ ਦਾ ਕਹਿਣਾ ਹੈ ਕਿ ਇਸ ਨਾਲ ਸਰਕਾਰੀ ਟਰਾਂਸਪੋਰਟ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਰੁਜ਼ਗਾਰ ਦੇ ਮੌਕੇ ਵੀ ਵਧਣਗੇ।
ਇਸ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਜਾਰੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਨਿਕਲਦਾ ਤਾਂ ਮੋਹਾਲੀ ਵਿੱਚ ਭੁੱਖ ਹੜਤਾਲ ਅਤੇ ਪੰਜਾਬ ਪੱਧਰੀ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਵੀ ਰੋਸ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।
ਫਿਲਹਾਲ ਸਰਕਾਰ ਅਤੇ ਯੂਨੀਅਨ ਵਿਚਾਲੇ ਹੋ ਰਹੀ ਮੀਟਿੰਗ ਦੇ ਨਤੀਜੇ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਹੜਤਾਲ ਦੇ ਭਵਿੱਖ ਬਾਰੇ ਸਥਿਤੀ ਸਪੱਸ਼ਟ ਹੋਵੇਗੀ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026