2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ,
- kakkar.news
- August 4, 2026
- Politics Punjab
-2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ,
-ਫਿਰੋਜ਼ਪੁਰ ਵਿੱਚ ‘ਹਰ ਬੂਥ ਕਾਂਗਰਸ ਮਜ਼ਬੂਤ’ ਵਰਕਰ ਸੰਮੇਲਨ
ਫਿਰੋਜ਼ਪੁਰ 4 ਅਗਸਤ 2026 ( ਅਨੁਜ ਕੱਕੜ, ਟੀਨੂੰ )
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਅਧੀਨ ਅੱਜ ਫਿਰੋਜ਼ਪੁਰ ਵਿੱਚ ਇੱਕ ਵਿਸ਼ਾਲ ਵਰਕਰ ਸੰਮੇਲਨ ਕਰਵਾਇਆ ਗਿਆ। ਇਸ ਸੰਮੇਲਨ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਵਰਕਰਾਂ ਵਿੱਚ ਜੋਸ਼ ਭਰਿਆ।
ਸੰਮੇਲਨ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰ ਸਕੇ।
ਰਾਜਾ ਵੜਿੰਗ ਨੇ ਚੋਣੀ ਰਣਨੀਤੀ ਦੇ ਸੰਕੇਤ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨਵੇਂ ਚਿਹਰਿਆਂ ਨੂੰ ਤਰਜੀਹ ਦੇ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਵੱਡੇ ਫਰਕ ਨਾਲ ਹਾਰਨ ਵਾਲੇ ਉਮੀਦਵਾਰਾਂ ਬਾਰੇ ਪਾਰਟੀ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਸੰਗਠਨ ਦੀ ਰਾਇ ਦੇ ਆਧਾਰ ‘ਤੇ ਫੈਸਲਾ ਲਿਆ ਜਾਵੇਗਾ।
ਆਪਣੇ ਸੰਬੋਧਨ ਦੌਰਾਨ ਰਾਜਾ ਵੜਿੰਗ ਨੇ ਕਿਹਾ, “ਮੈਂ ਸੰਸਦ ਵਿੱਚ ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਬੋਲਿਆ ਸੀ। ਜੋ ਵਿਅਕਤੀ ਲਾਰੈਂਸ ਬਿਸ਼ਨੋਈ ਤੋਂ ਨਹੀਂ ਡਰਿਆ, ਉਹ ਕਿਸੇ ਹੋਰ ਤੋਂ ਕੀ ਡਰੇਗਾ।”
ਉੱਥੇ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੂਰੇ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਹਰ ਸਿਆਸੀ ਪਾਰਟੀ ਵਿੱਚ ਮਤਭੇਦ ਹੁੰਦੇ ਹਨ, ਪਰ ਕਾਂਗਰਸ ਇੱਕਜੁੱਟ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਬਾਅਦ ਪਾਰਟੀ ਦੇ ਸਾਰੇ ਮਤਭੇਦ ਦੂਰ ਹੋ ਜਾਣਗੇ ਅਤੇ ਕਾਂਗਰਸ ਹੋਰ ਵੀ ਮਜ਼ਬੂਤੀ ਨਾਲ ਚੋਣੀ ਮੈਦਾਨ ਵਿੱਚ ਉਤਰੇਗੀ।
