ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
- kakkar.news
- August 5, 2026
- Crime Punjab
ਫਿਰੋਜ਼ਪੁਰ ਪੁਲਿਸ ਅਤੇ ਬੀਐਸਐਫ ਵੱਲੋਂ ਸਰਹੱਦੀ ਪਿੰਡ ਕਿਲਚੇ ਵਿੱਚ CASO ਆਪਰੇਸ਼ਨ, ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
ਫਿਰੋਜ਼ਪੁਰ, 5 ਅਗਸਤ 2026 (ਅਨੁਜ ਕੱਕੜ ਟੀਨੂੰ )
ਨਸ਼ਾ ਤਸਕਰੀ ਅਤੇ ਸਰਹੱਦ ਪਾਰ ਤੋਂ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨਕੇਲ ਕੱਸਣ ਲਈ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਬੀਐਸਐਫ ਦੇ ਸਹਿਯੋਗ ਨਾਲ ਸਰਹੱਦੀ ਪਿੰਡ ਕਿਲਚੇ ਵਿੱਚ CASO (Cordon and Search Operation) ਚਲਾਇਆ। ਇਸ ਵਿਸ਼ੇਸ਼ ਆਪਰੇਸ਼ਨ ਦੌਰਾਨ ਪੂਰੇ ਪਿੰਡ ਨੂੰ ਚਾਰੇ ਪਾਸਿਆਂ ਤੋਂ ਘੇਰ ਕੇ ਸੁਰੱਖਿਆ ਘੇਰੇ ਵਿੱਚ ਲਿਆ ਗਿਆ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਪੁਲਿਸ ਅਤੇ ਬੀਐਸਐਫ ਦੀਆਂ ਸਾਂਝੀਆਂ ਟੀਮਾਂ ਨੇ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਚ ਮੁਹਿੰਮ ਚਲਾਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ‘ਤੇ ਕੜੀ ਨਜ਼ਰ ਰੱਖੀ ਗਈ। ਸੁਰੱਖਿਆ ਏਜੰਸੀਆਂ ਵੱਲੋਂ ਪਿੰਡ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਵਿਸ਼ੇਸ਼ ਤਲਾਸ਼ੀ ਲਈ ਗਈ ਤਾਂ ਜੋ ਨਸ਼ਾ ਤਸਕਰੀ ਜਾਂ ਕਿਸੇ ਹੋਰ ਗੈਰ-ਕਾਨੂੰਨੀ ਸਰਗਰਮੀ ਨਾਲ ਜੁੜੇ ਕਿਸੇ ਵੀ ਸੁਰਾਗ ਦਾ ਪਤਾ ਲਗਾਇਆ ਜਾ ਸਕੇ।
ਇਸ ਮੌਕੇ ਡੀਆਈਜੀ ਫਿਰੋਜ਼ਪੁਰ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਸਰਹੱਦੀ ਖੇਤਰਾਂ ਵਿੱਚ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹੋਰ ਗੈਰ-ਕਾਨੂੰਨੀ ਸਮਾਨ ਭੇਜਣ ਦੀਆਂ ਕੋਸ਼ਿਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਨਿਗਰਾਨੀ ਹੋਰ ਸਖ਼ਤ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਆਪਰੇਸ਼ਨ ਲਗਾਤਾਰ ਜਾਰੀ ਰਹਿਣਗੇ।
ਡੀਆਈਜੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਵਿਅਕਤੀ, ਡਰੋਨ ਗਤੀਵਿਧੀ ਜਾਂ ਨਸ਼ਾ ਤਸਕਰੀ ਨਾਲ ਸੰਬੰਧਿਤ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਅਜਿਹੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਹੋਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।
