ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦਿਹਾਂਤ, ਪਿੰਡ ਵਿੱਚ ਸੋਗ ਦੀ ਲਹਿਰ
- kakkar.news
- August 12, 2026
- Punjab
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦਿਹਾਂਤ, ਪਿੰਡ ਵਿੱਚ ਸੋਗ ਦੀ ਲਹਿਰ
ਫਿਰੋਜ਼ਪੁਰ 12 ਅਗਸਤ 2026 ( ਅਨੁਜ ਕੱਕੜ ਟੀਨੂੰ )
ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਤੂਤ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਰਹਿਣ ਵਾਲੇ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਕਬੱਡੀ ਖੇਡ ਚੁੱਕੇ ਖਿਡਾਰੀ ਗੁਰਜੀਤ ਸਿੰਘ ਤੂਤ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਖੇਡ ਪ੍ਰੇਮੀਆਂ ਅਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਨਜ਼ਰ ਆਈਆਂ।
ਗੁਰਜੀਤ ਸਿੰਘ ਤੂਤ ਕਬੱਡੀ ਦੇ ਮੈਦਾਨ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਸਨ। ਉਹ ਰੇਡਰ ਵਜੋਂ ਆਪਣੀ ਖਾਸ ਪਛਾਣ ਬਣਾਉਣ ਵਿੱਚ ਕਾਮਯਾਬ ਰਹੇ ਅਤੇ ਆਪਣੀ ਖੇਡ ਕਲਾ ਨਾਲ ਕਬੱਡੀ ਪ੍ਰੇਮੀਆਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾਈ।
ਦੱਸਿਆ ਜਾ ਰਿਹਾ ਹੈ ਕਿ ਜ਼ਿੰਦਗੀ ਦੇ ਇੱਕ ਦੌਰ ਦੌਰਾਨ ਗੁਰਜੀਤ ਸਿੰਘ ਗਲਤ ਸੰਗਤ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਸਨ। ਜਾਣਕਾਰਾਂ ਮੁਤਾਬਕ ਉਨ੍ਹਾਂ ਨੂੰ ਆਪਣੀ ਇਸ ਗਲਤੀ ਦਾ ਅਹਿਸਾਸ ਵੀ ਸੀ ਅਤੇ ਉਨ੍ਹਾਂ ਵੱਲੋਂ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ, ਪਰ ਉਹ ਕਾਮਯਾਬ ਨਾ ਹੋ ਸਕੇ।
ਗੁਰਜੀਤ ਸਿੰਘ ਆਪਣੇ ਪਿੱਛੇ ਪਤਨੀ, ਕਰੀਬ 10 ਸਾਲ ਦੀ ਛੋਟੀ ਧੀ ਅਤੇ ਮਾਤਾ-ਪਿਤਾ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਉਨ੍ਹਾਂ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਪਿੰਡ ਤੂਤ ਸਮੇਤ ਪੂਰੇ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਕਬੱਡੀ ਖਿਡਾਰੀਆਂ, ਖੇਡ ਪ੍ਰੇਮੀਆਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਗੁਰਜੀਤ ਸਿੰਘ ਤੂਤ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇੱਕ ਹੋਣਹਾਰ ਕਬੱਡੀ ਖਿਡਾਰੀ ਦਾ ਇਸ ਤਰ੍ਹਾਂ ਚਲੇ ਜਾਣਾ ਖੇਡ ਜਗਤ ਲਈ ਵੀ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।
