ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ
- kakkar.news
- August 13, 2026
- Punjab
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ
ਫਿਰੋਜ਼ਪੁਰ, 13 ਅਗਸਤ 2026 (ਅਨੁਜ ਕੱਕੜ ਟੀਨੂੰ)
ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰ ‘ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਫਾਰਮ ਭਰ ਕੇ ਅਤੇ ਸਕੂਲ ਮੁੱਖੀ ਵੱਲੋਂ ਤਸਦੀਕ ਕਰਵਾ ਕੇ ਮਿਤੀ: 28 ਅਗਸਤ, 2026 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ, ਪਤਾ- ਦੂਸਰੀ ਮੰਜ਼ਿਲ, ਬਲਾਕ-ਬੀ, ਕਮਰਾ ਨੰ. 208-210, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਦਸਤੀ ਜਾਂ ਈ.ਮੇਲ (dlo.fzr.18@gmail.com) ਰਾਹੀਂ ਭੇਜੇ ਜਾ ਸਕਦੇ ਹਨ।
ਇਨ੍ਹਾਂ ਮੁਕਾਬਲਿਆਂ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਵਿੱਚ ਰੁਚੀ ਵਿਕਸਤ ਕਰਨ ਲਈ ਭਾਸ਼ਾ ਵਿਭਾਗ, ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹੇ ਪੱਧਰ ‘ਤੇ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਵਿਚ ਇਨ੍ਹਾਂ ਸਾਹਿਤਕ ਮੁਕਾਬਲਿਆਂ ਲਈ ਕੇਵਲ ਬਾਰਵੀਂ ਕਲਾਸਾਂ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਸਕੂਲ ਹਰੇਕ ਵਿਧਾ ਜਿਵੇਂ ਕਵਿਤਾ, ਕਹਾਣੀ, ਲੇਖ, ਕਵਿਤਾ ਗਾਇਨ ਵਿਚ ਕੇਵਲ ਦੋ ਵਿਦਿਆਰਥੀ ਹੀ ਭੇਜ ਸਕਦਾ ਹੈ। ਹਰ ਵਰਗ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000/-, 750/- ਅਤੇ 500/- ਰੁਪਏ ਨਕਦ ਜਾਂ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਦੇ ਸੈੱਟਾਂ ਅਤੇ ਪ੍ਰਮਾਣ ਪੱਤਰਾਂ ਨਾਲ਼ ਸਨਮਾਨਿਤ ਕੀਤਾ ਜਾਵੇਗਾ।
ਜ਼ਿਲ੍ਹੇ ਪੱਧਰ ‘ਤੇ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲੇ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਮੁਕਾਬਲੇ ‘ਚ ਭਾਗ ਲੈਣ ਲਈ ਕੋਈ ਵੀ ਫੀਸ ਨਹੀਂ ਹੈ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਰਜਿਸਟ੍ਰੇਸ਼ਨ ਫ਼ਾਰਮ ਸਵੀਕਾਰ ਨਹੀਂ ਕੀਤੇ ਜਾਣਗੇ। ਹਰ ਵਰਗ ਲਈ ਵੱਖਰਾ-ਵੱਖਰਾ ਰਜਿਸਟ੍ਰੇਸ਼ਨ ਫਾਰਮ ਭੇਜਿਆ ਜਾਵੇ| ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 90411-10786 ‘ਤੇ ਸੰਪਰਕ ਕੀਤਾ ਜਾ ਸਕਦਾ ਹੈ|
