ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
- kakkar.news
- August 13, 2026
- Politics Punjab
– ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
– ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਰਾਜ ਪੱਧਰੀ ਸਮਾਗਮ ਵਿੱਚ ਲਹਿਰਾਉਣਗੇ ਰਾਸ਼ਟਰੀ ਝੰਡਾ – ਡੀ.ਸੀ.
ਫ਼ਿਰੋਜ਼ਪੁਰ, 13 ਅਗਸਤ 2026 (ਅਨੁਜ ਕੱਕੜ ਟੀਨੂੰ)
ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਥਾਨਕ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਫੁਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਂਣ ਉਪਰੰਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਗਈ।
ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ ਵਿਚ ਬੀ.ਐਸ.ਐਫ਼., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਹਿਮਾਚਲ ਪੁਲਿਸ, ਹੋਮ ਗਾਰਡ, ਹੋਮ ਗਾਰਡ ਮਹਿਲਾ ਵਿੰਗ, ਐਨ.ਸੀ.ਸੀ, ਸਕਾਊਟ ਐਂਡ ਗਾਈਡ ਦੀਆਂ ਟੁੱਕੜੀਆਂ ਨੇ ਹਿੱਸਾ ਲਿਆ। ਇਸ ਤੋਂ ਬਾਅਦ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸ਼ੋਅ, ਦੇਸ਼ ਭਗਤੀ ਤੇ ਅਧਾਰਿਤ ਕੋਰੀਓਗ੍ਰਾਫ਼ੀ ਤੋਂ ਇਲਾਵਾ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੌਰਾਨ ਰਾਜ ਦੇ ਵੱਖ-ਵੱਖ ਵਿਭਾਗਾਂ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।
ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸੁੰਤਤਰਤਾ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਰਾਜ ਪੱਧਰੀ ਸਮਾਗਮ ਦੌਰਾਨ ਸਮੂਹ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕੰਮ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ, ਟਰੈਫਿਕ ਵਿਵਸਥਾ, ਸ਼ਹਿਰ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ।
ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਕਾਨੂੰਨੀ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਪੀ. (ਡੀ) ਮਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ, ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ਼ੇਰ ਜੰਗ ਸਿੰਘ ਹੁੰਦਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।
