ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਹਾ ਹੜਤਾਲ ਦਾ ਸਮਰਥਨ, ਸਿਵਲ ਹਸਪਤਾਲ ਤੋਂ ਕੱਢਿਆ ਰੋਸ ਮਾਰਚ
- kakkar.news
- August 27, 2026
- Punjab
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਹਾ ਹੜਤਾਲ ਦਾ ਸਮਰਥਨ, ਸਿਵਲ ਹਸਪਤਾਲ ਤੋਂ ਕੱਢਿਆ ਰੋਸ ਮਾਰਚ
ਫਿਰੋਜ਼ਪੁਰ 27 ਅਗਸਤ 2026 (ਅਨੁਜ ਕੱਕੜ ਟੀਨੂੰ )
ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਦਿੱਤੀ ਗਈ ਮਹਾ ਹੜਤਾਲ ਦੀ ਕਾਲ ਦੇ ਸਮਰਥਨ ਵਿੱਚ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਇਕੱਠੇ ਹੋ ਕੇ ਰੋਹ ਭਰਪੂਰ ਰੈਲੀ ਕੀਤੀ ਗਈ। ਇਸ ਤੋਂ ਬਾਅਦ ਬਾਜ਼ਾਰਾਂ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ।
ਰੈਲੀ ਦੀ ਅਗਵਾਈ ਰਵਿੰਦਰ ਲੂਥਰਾ, ਗੁਰਜੰਟ ਸਿੰਘ, ਰਾਜ ਕੁਮਾਰ ਕੁੱਕੜ ਅਤੇ ਕੰਤਾ ਰਾਣੀ ਨੇ ਕੀਤੀ। ਇਸ ਮੌਕੇ ਸਾਂਝਾ ਬਿਆਨ ਜਾਰੀ ਕਰਦਿਆਂ ਅੰਕੁਸ਼ ਭੰਡਾਰੀ ਅਤੇ ਗੁਰਮੇਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਆਊਟਸੋਰਸ, ਡੇਲੀ ਵੇਜਿਜ਼, ਕੰਟਰੈਕਟ, ਐਨਐਚਐਮ ਅਤੇ ਵੱਖ-ਵੱਖ ਸਕੀਮਾਂ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀਏ ਦੀਆਂ ਰੁਕੀਆਂ ਕਿਸ਼ਤਾਂ ਜਾਰੀ ਕਰਨਾ, ਪੇ ਕਮਿਸ਼ਨ ਦੀ ਰਿਪੋਰਟ ਨੂੰ ਇਨ-ਬਿਨ ਲਾਗੂ ਕਰਨਾ ਅਤੇ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ ਸਮੇਤ ਕਈ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਉਨ੍ਹਾਂ ਨੇ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ ਦੀ ਮੰਗ ਵੀ ਕੀਤੀ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਡੀਏ ਸਬੰਧੀ ਦਿੱਤੇ ਗਏ ਫੈਸਲੇ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ।
ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ ਇਲਾਵਾ ਮਹਿਲਾ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਹਰਪ੍ਰੀਤ ਸਿੰਘ ਥਿੰਦ, ਰਾਕੇਸ਼ ਗਿੱਲ, ਜਗਤਾਰ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਨਵਿੰਦਰ ਸਿੰਘ, ਬਲਵੀਰ ਸਿੰਘ, ਨਰੇਸ਼ ਗਰਗ, ਸੁਤੰਤਰ ਸਿੰਘ, ਡਾ. ਲਲਿਤ ਨਾਗਪਾਲ, ਡਾ. ਹਰਪ੍ਰੀਤ ਸਿੰਘ ਸਮੇਤ ਕਈ ਆਗੂ ਅਤੇ ਮੁਲਾਜ਼ਮ ਹਾਜ਼ਰ ਸਨ।
ਅੰਤ ਵਿੱਚ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਹ ਸੰਘਰਸ਼ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਿਰਣਾਇਕ ਸਾਬਿਤ ਹੋ ਸਕਦੀ ਹੈਂ!

