ਮਮਦੋਟ ਵਿੱਚ ਗੋਲੀਆਂ ਦੀ ਤਾਬੜਤੋੜ ਫਾਇਰਿੰਗ, 45 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ, ਹਰਪ੍ਰੀਤ ਸਿੰਘ ਗੰਭੀਰ ਜ਼ਖਮੀ
- kakkar.news
- August 29, 2026
- Crime Punjab
ਮਮਦੋਟ ਵਿੱਚ ਗੋਲੀਆਂ ਦੀ ਤਾਬੜਤੋੜ ਫਾਇਰਿੰਗ, 45 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ, ਹਰਪ੍ਰੀਤ ਸਿੰਘ ਗੰਭੀਰ ਜ਼ਖਮੀ
ਫਿਰੋਜ਼ਪੁਰ 29 ਅਗਸਤ 2026 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਦੇਰ ਸ਼ਾਮ ਗੋਲੀਆਂ ਚੱਲਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿੱਚ 45 ਸਾਲਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਮੁੱਢਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਕਾਰ ਸਵਾਰ ਹਮਲਾਵਰਾਂ ਵੱਲੋਂ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੇ ਕੁਝ ਸਾਥੀ ਇੱਕ ਹੋਰ ਕਾਰ ਵਿੱਚ ਸਵਾਰ ਸਨ ਅਤੇ ਹਮਲਾਵਰਾਂ ਵੱਲੋਂ ਉਨ੍ਹਾਂ ’ਤੇ ਵੀ ਗੋਲੀਆਂ ਚਲਾਈਆਂ ਗਈਆਂ।
ਗੋਲੀ ਲੱਗਣ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਇਲਾਜ ਲਈ ਫਿਰੋਜ਼ਪੁਰ ਲਿਆਂਦਾ ਜਾ ਰਿਹਾ ਸੀ। ਰਸਤੇ ਵਿੱਚ ਹੀ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਨੂੰ ਪਹਿਲਾਂ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੱਗੇ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਕਰੀਬ 8 ਵਜੇ ਦੋ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ 45 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਵਿਅਕਤੀ ਹਰਪ੍ਰੀਤ ਸਿੰਘ ਨੂੰ ਗੋਲੀ ਲੱਗੀ ਹੋਣ ਕਾਰਨ ਅੱਗੇ ਰੈਫਰ ਕੀਤਾ ਗਿਆ।
ਉਥੇ ਹੀ ਐਸਐਸਪੀ ਫਿਰੋਜ਼ਪੁਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮੁੱਢਲੀ ਜਾਂਚ ਵਿੱਚ ਇਹ ਮਾਮਲਾ ਚੋਣਾਂ ਦੇ ਸਮੇਂ ਦੀ ਪੁਰਾਣੀ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਸਾਹਮਣੇ ਆ ਰਿਹਾ ਹੈ। ਹਮਲਾਵਰ ਕਾਰ ਵਿੱਚ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਵੱਲੋਂ ਮੋਟਰਸਾਈਕਲ ਸਵਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਹਰਪ੍ਰੀਤ ਸਿੰਘ ’ਤੇ ਫਾਇਰਿੰਗ ਕੀਤੀ ਗਈ।
ਘਟਨਾ ਤੋਂ ਬਾਅਦ ਮਮਦੋਟ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਗੋਲੀਬਾਰੀ ਦੇ ਪੂਰੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

- August 29, 2026