ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਪਹੁੰਚ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
- kakkar.news
- October 7, 2026
- Agriculture Punjab
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਪਹੁੰਚ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਫਿਰੋਜ਼ਪੁਰ, 7 ਅਕਤੂਬਰ 2026 (ਅਨੁਜ ਕੱਕੜ ਟੀਨੂੰ)
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤੇ ਜਾਣ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਹੁੰਚ ਕੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖ਼ੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਦਾਣਾ ਮੰਡੀ ਫਿਰੋਜ਼ਪੁਰ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਵੀ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਸਮੇਂ ਸਿਰ ਅਦਾਇਗੀ ਕਰ ਕੇ ਮਿਸਾਲ ਕਾਇਮ ਕੀਤੀ ਜਾਵੇਗੀ ਅਤੇ ਕਿਸਾਨ ਬਿਨ੍ਹਾਂ ਕਿਸੇ ਦਿੱਕਤ ਦੇ ਆਪਣੀ ਫਸਲ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਫਸਲ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਫਸਲ ਖਰੀਦਣ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 8 ਲੱਖ 50 ਹਜ਼ਾਰ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਚੁੱਕੀ ਹੈ ਜਿਸ ਵਿੱਚੋਂ 7 ਲੱਖ 50 ਹਜ਼ਾਰ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ 2461 ਰੁਪਏ ਪ੍ਰਤੀ ਕੁਇੰਟਲ ਘੱਟੋ ਘੱਟ ਸਮਰਥਨ ਮੁੱਲ ਆਧਾਰ ਤੇ ਕਿਸਾਨਾਂ ਦੇ ਖਾਤਿਆਂ ਵਿੱਚ 1221 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਹਨ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ -ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਸਰਕਾਰ ਦੁਆਰਾ ਸਬਸਿਡੀ ‘ਤੇ ਉਪਲਬੱਧ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਜਾਂ ਇਸ ਨੂੰ ਜ਼ਮੀਨ ਵਿੱਚ ਹੀ ਵਾਹ ਕੇ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਨ ਸਾਫ਼-ਸੁੱਥਰਾ ਰਹਿੰਦਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ ਅਤੇ ਮਨੁੱਖ ਤੇ ਜੀਵ ਜੰਤੂਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਨਹੀਂ ਪੈਂਦਾ।
ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਲੋਕਾਂ ਦੇ ਹਿੱਤ ਲਈ ਵਚਨਬੱਧ ਹੈ। ਉਨ੍ਹਾਂ ਇਸ ਦੌਰਾਨ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਖ਼ਰੀਦ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ। ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੇ ਸਰਕਾਰ ਦੁਆਰਾ ਕੀਤੇ ਗਏ ਖ਼ਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਫਸਲ ਵੇਚਣ ਜਾਂ ਖਰੀਦਣ ਵਿੱਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆ ਰਹੀ। ਕਿਸਾਨਾਂ ਨੇ ਕਿਹਾ ਕਿ ਵੇਚੀ ਗਈ ਫਸਲ ਦੀ ਅਦਾਇਗੀ ਬਿਨ੍ਹਾਂ ਕਿਸੇ ਦੇਰੀ ਦੇ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ।
ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਸ੍ਰੀ ਅਭਿਸ਼ੇਕ ਸ਼ਰਮਾ, ਡੀ. ਐਫ. ਐਸ. ਸੀ. ਵੰਦਨਾ ਕੰਬੋਜ਼, ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਸ਼੍ਰੀ ਹਰਮੀਤ ਸਿੰਘ ਖਾਈ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਤਿਲਕ ਰਾਜ ਤੋਂ ਇਲਾਵਾ ਆਪ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
