-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
- kakkar.news
- October 9, 2026
- Punjab
-ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਚਨਬੱਧ : ਐਸ.ਡੀ.ਐਮ. ਅਭਿਸ਼ੇਕ ਸ਼ਰਮਾ
-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
ਫ਼ਿਰੋਜ਼ਪੁਰ, 9 ਅਕਤੂਬਰ 2026 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐਸ.ਡੀ.ਐਮ. ਅਭਿਸ਼ੇਕ ਸ਼ਰਮਾ ਨੇ ਫਿਰੋਜ਼ਪੁਰ ਦੇ ਵੱਖ-ਵੱਖ ਡਰੱਗ ਹੌਟਸਪੌਟ ਖੇਤਰਾਂ, ਫੱਤੂਵਾਲਾ, ਇੰਦਰਾ ਕਲੋਨੀ, ਗਵਾਲ ਟੋਲੀ, ਬਾਜ਼ੀਦਪੁਰ, ਘੱਲ ਖੁਰਦ, ਕਰਮਿੱਤੀ ਰੋਡ, ਅਜੀਤ ਨਗਰ ਤਲਵੰਡੀ ਭਾਈ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਡੀ.ਐਸ.ਪੀ. ਸੁਖਵਿੰਦਰ ਸਿੰਘ ਅਤੇ ਡੀ.ਐਸ.ਪੀ. ਕਰਨ ਸ਼ਰਮਾ ਵੀ ਸਨ।
ਇਸ ਮੌਕੇ ਐਸਡੀਐਮ ਅਭਿਸ਼ੇਕ ਸ਼ਰਮਾ ਨੇ ਸਥਾਨਕ ਲੋਕਾਂ ਨਾਲ ਮੀਟਿੰਗ ਕਰਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਉਨ੍ਹਾਂ ਡਰੱਗ ਹੋਟ ਸਪੌਟ ਇਲਾਕਿਆਂ ਵਿੱਚ ਸੀਸੀਟੀਵੀ ਕੈਮਰੇ ਲਾਈਟਾਂ ਖੇਡ ਮੈਦਾਨਾਂ ਆਦਿ ਦੇ ਪ੍ਰਬੰਧ ਦੀ ਵੀ ਸਮੀਖਿਆ ਕੀਤੀ ਗਈ। ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਉਹਨਾਂ ਦਾ ਛੇਤੀ ਤੋਂ ਛੇਤੀ ਹੱਲ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਆਮ ਜਨਤਾ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਦੇ ਕੇ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਬਾਰੇ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬਾਰੇ ਜਾਣਕਾਰੀ ਦੇਣ ਲਈ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਸਾਂਝੀ ਲੜਾਈ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਮਦਦ ਮਿਲੇਗੀ।
ਇਸ ਮੌਕੇ ਤਹਿਸੀਲਦਾਰ ਫਿਰੋਜ਼ਪੁਰ ਹਰਿੰਦਰ ਪਾਲ ਸਿੰਘ ਬੇਦੀ, ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ, ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ, ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ।
