ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
- kakkar.news
- October 13, 2026
- Punjab
– ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
– ਜਨਤਕ ਥਾਵਾਂ ’ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਧਰਨੇ ਦੇਣ, ਰੈਲੀਆਂ, ਮੁਜਾਹਰੇ ਕਰਨ ਦੇ ਪਾਬੰਦੀ
– ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
ਫ਼ਿਰੋਜ਼ਪੁਰ, 13 ਅਕਤੂਬਰ 2026 (ਅਨੁਜ ਕੱਕੜ ਟੀਨੂੰ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਧੀਕ ਪ੍ਰਧਾਨ ਮੁੱਖ ਵਣ ਪਾਲ (ਜੰ:ਜੀ) ਅਤੇ ਮੁੱਖ ਜੰਗਲੀ ਜੀਵ ਵਾਰਡਨ, ਪੰਜਾਬ ਐਸ.ਏ.ਐਸ ਨਗਰ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਅੱਜ-ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਨਾਈਲੋਨ ਤੋਂ ਬਣੀ /ਚਾਈਨੀਜ /ਸੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ /ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗੱਲ ਅਤੇ ਕੰਨ ਕੱਟ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਨਾਈਲੋਨ /ਸੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਹੋਏ ਧਾਗੇ) ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ/ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਥਾਵਾਂ ‘ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ ਤੇ ਮੀਟਿੰਗ ਕਰਨਾ ਆਦਿ ਦੇ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ ਦੇ ਜਵਾਨ, ਹਰ ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ, ਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਦੇ ਅੰਦਰ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਭਾਰੀ ਵਾਹਨਾਂ ਜਿਵੇਂ ਕਿ ਟਰੱਕ, ਟ੍ਰੈਕਟਰ, ਟਰਾਲੀਆਂ ਅਤੇ ਭਾਰੀ ਲੋਡ ਵਾਲੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾਈ ਹੈ।
