ਤਹਿਸੀਲਦਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
- kakkar.news
- October 22, 2026
- Agriculture Punjab
-ਤਹਿਸੀਲਦਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
– ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕਿਆਂ ਬਾਰੇ ਕੀਤਾ ਜਾਗਰੂਕ
ਫਿਰੋਜ਼ਪੁਰ, 22 ਅਕਤੂਬਰ (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਅਤੇ ਕਿਸਾਨਾਂ ਨੂੰ ਇਸ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਤਹਿਸੀਲਦਾਰ ਫਿਰੋਜ਼ਪੁਰ ਹਰਿੰਦਰਪਾਲ ਸਿੰਘ ਬੇਦੀ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਤਹਿਸੀਲਦਾਰ ਹਰਿੰਦਰਪਾਲ ਸਿੰਘ ਬੇਦੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਬੁੱਕਣ ਖਾਂ, ਝੋਕ ਹਰੀਹਰ, ਨੂਰਪੁਰ ਸੇਠਾਂ, ਫੱਤੂਵਾਲਾ ਅਤੇ ਧੀਰਾ ਪੱਤਰ ਸਮੇਤ ਹੋਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਕਾਨੂੰਨਗੋ ਗੁਰਦੇਵ ਸਿੰਘ ਅਤੇ ਪਟਵਾਰੀ ਸੁਰਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਕਿਸਾਨਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਵਿੱਚ ਪ੍ਰਦੂਸ਼ਣ ਵਧਦਾ ਹੈ ਅਤੇ ਧੂੰਏਂ ਕਾਰਨ ਲੋਕਾਂ ਦੀ ਸਿਹਤ ਉੱਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਨੂੰ ਨੁਕਸਾਨ ਪਹੁੰਚਦਾ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੋ ਸਕਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ, ਹੈਪੀ ਸੀਡਰ ਅਤੇ ਹੋਰ ਢੁੱਕਵੇਂ ਖੇਤੀ ਸੰਦਾਂ ਦੀ ਵਰਤੋਂ ਕਰਕੇ ਇਸ ਦਾ ਪ੍ਰਬੰਧਨ ਕੀਤਾ ਜਾਵੇ। ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਸਾਰੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨਾ ਸਾੜਨ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ, ਤਾਂ ਜੋ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਨ ਬਰਕਰਾਰ ਰੱਖਿਆ ਜਾ ਸਕੇ।
