ਕੱਸੋਆਣਾ, ਫ਼ਿਰੋਜ਼ਸ਼ਾਹ ਅਤੇ ਸੁਲਹਾਣੀ ਵਿਖੇ ਡਰੱਗ ਅਵੇਅਰਨੈੱਸ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਕਰਵਾਇਆ ਜਾਣੂ
- kakkar.news
- November 11, 2026
- Punjab
ਕੱਸੋਆਣਾ, ਫ਼ਿਰੋਜ਼ਸ਼ਾਹ ਅਤੇ ਸੁਲਹਾਣੀ ਵਿਖੇ ਡਰੱਗ ਅਵੇਅਰਨੈੱਸ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਕਰਵਾਇਆ ਜਾਣੂ
ਫ਼ਿਰੋਜ਼ਪੁਰ, 11 ਨਵੰਬਰ 2026 ( ਅਨੁਜ ਕੱਕੜ ਟੀਨੂੰ )
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਅਤੇ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਕੱਸੋਆਣਾ, ਫ਼ਿਰੋਜ਼ਸ਼ਾਹ ਅਤੇ ਸੁਲਹਾਣੀ ਵਿਖੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਆਯੋਜਿਤ ਕੀਤੇ ਗਏ।
ਕੈਂਪ ਦੌਰਾਨ ਸਿਹਤ ਵਿਭਾਗ ਦੇ ਐਜ਼ੂਕੇਟਰ ਵਿਕਰਮਜੀਤ ਸਿੰਘ ਅਤੇ ਹਰਦੀਪ ਸਿੰਘ ਨੇ ਤੰਬਾਕੂ ਮੁਕਤ ਯੂਥ ਮੁਹਿੰਮ ਤਹਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਸਿਹਤ ’ਤੇ ਪੈਣ ਵਾਲੇ ਗੰਭੀਰ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਵਰਤੋਂ ਵਿਅਕਤੀ ਦੀ ਸਰੀਰਕ ਸਿਹਤ ਦੇ ਨਾਲ-ਨਾਲ ਉਸ ਦੀ ਮਾਨਸਿਕ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜਿਕ ਸਥਿਤੀ ਨੂੰ ਵੀ ਪ੍ਰਭਾਵਿਤ ਕਰਦੀ ਹੈ।
ਉਨ੍ਹਾਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਜਾਚ ਅਪਣਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਿਰਫ਼ ਸਰਕਾਰੀ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭੂਮਿਕਾ ਅਤੇ ਸਹਿਯੋਗ ਲਾਜ਼ਮੀ ਹੈ।
ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਜਾਂ ਉਨ੍ਹਾਂ ਪ੍ਰਤੀ ਨਕਾਰਾਤਮਕ ਰਵੱਈਆ ਅਪਣਾਉਣ ਦੀ ਬਜਾਏ ਹਮਦਰਦੀ ਅਤੇ ਸਹਿਯੋਗ ਨਾਲ ਉਨ੍ਹਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਇਲਾਜ ਅਤੇ ਲੋੜੀਂਦੀ ਕਾਊਂਸਲਿੰਗ ਰਾਹੀਂ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਮੁੜ ਆਮ ਜੀਵਨ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕਦਾ ਹੈ।
ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਨੇੜਲੇ ਓਟ ਸੈਂਟਰ ਨਾਲ ਸੰਪਰਕ ਕਰਕੇ ਇਲਾਜ, ਕਾਊਂਸਲਿੰਗ ਅਤੇ ਹੋਰ ਉਪਲਬਧ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਵੀ ਉਤਸ਼ਾਹਿਤ ਕੀਤਾ ਗਿਆ!
