ਹੁਣ ਜਨਗਣਨਾ ਕਰਮਚਾਰੀਆਂ ਦੀ ਉਡੀਕ ਨਹੀਂ! ਘਰ ਬੈਠੇ ਕਰੋ ਸਵੈ-ਗਣਨਾ, ਜਾਣੋ ਪੂਰੀ ਪ੍ਰਕਿਰਿਆ
- kakkar.news
- November 17, 2026
- Punjab
ਫਿਰੋਜ਼ਪੁਰ ਵਾਸੀ ਘਰ ਬੈਠੇ ਕਰ ਸਕਣਗੇ ਜਨਗਣਨਾ-2027 ਲਈ ਰਜਿਸਟ੍ਰੇਸ਼ਨ, 30 ਨਵੰਬਰ ਤੱਕ ਮਿਲੇਗੀ ਸਵੈ-ਗਣਨਾ ਦੀ ਸਹੂਲਤ
16 ਨਵੰਬਰ ਤੋਂ ਸ਼ੁਰੂ ਹੋਈ ਆਨਲਾਈਨ ਪ੍ਰਕਿਰਿਆ, ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਕਰਨਗੇ ਵੇਰਵਿਆਂ ਦੀ ਤਸਦੀਕ
ਫਿਰੋਜ਼ਪੁਰ, 17 ਨਵੰਬਰ 2026 (ਅਨੁਜ ਕੱਕੜ ਟੀਨੂੰ )
ਜਨਗਣਨਾ-2027 ਨੂੰ ਲੈ ਕੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਹੁਣ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰਵਾਉਣ ਲਈ ਸਰਕਾਰੀ ਕਰਮਚਾਰੀਆਂ ਦੀ ਉਡੀਕ ਨਹੀਂ ਕਰਨੀ ਪਵੇਗੀ, ਸਗੋਂ ਉਹ ਘਰ ਬੈਠੇ ਹੀ ਆਨਲਾਈਨ ਪੋਰਟਲ ਰਾਹੀਂ ਆਪਣੇ ਵੇਰਵੇ ਭਰ ਸਕਣਗੇ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਤਹਿਤ ਪਹਿਲੀ ਵਾਰ ਲੋਕਾਂ ਨੂੰ ਡਿਜੀਟਲ ਮਾਧਿਅਮ ਰਾਹੀਂ ਖੁਦ ਆਪਣੀ ਜਾਣਕਾਰੀ ਦਰਜ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਲਈ ਸਰਕਾਰ ਵੱਲੋਂ https://se.census.gov.in/ ਵਿਸ਼ੇਸ਼ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਭਰਨ ਉਪਰੰਤ ਇੱਕ ਵਿਸ਼ੇਸ਼ ਸਵੈ-ਗਣਨਾ ਆਈਡੀ ਜਾਰੀ ਕੀਤੀ ਜਾਵੇਗੀ। ਲੋਕਾਂ ਨੂੰ ਇਹ ਆਈਡੀ ਆਪਣੇ ਕੋਲ ਸੰਭਾਲ ਕੇ ਰੱਖਣੀ ਹੋਵੇਗੀ, ਕਿਉਂਕਿ ਜਦੋਂ ਜਨਗਣਨਾ ਕਰਮਚਾਰੀ ਘਰ ਪਹੁੰਚਣਗੇ ਤਾਂ ਇਸ ਆਈਡੀ ਰਾਹੀਂ ਪਹਿਲਾਂ ਦਰਜ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਵੈ-ਗਣਨਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਨਗੇ ਅਤੇ ਲੋੜ ਅਨੁਸਾਰ ਵੇਰਵਿਆਂ ਦੀ ਤਸਦੀਕ ਕਰਨਗੇ।
ਉਨ੍ਹਾਂ ਕਿਹਾ ਕਿ ਜਨਗਣਨਾ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਦੇਸ਼ ਤੇ ਸੂਬੇ ਦੇ ਵਿਕਾਸ ਦੀ ਯੋਜਨਾਬੰਦੀ, ਸਰਕਾਰੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਅਤੇ ਭਵਿੱਖ ਦੀਆਂ ਨੀਤੀਆਂ ਤਿਆਰ ਕਰਨ ਲਈ ਬੇਹੱਦ ਮਹੱਤਵਪੂਰਨ ਹਨ।
ਅੰਤ ਵਿੱਚ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਤੋਂ ਪਹਿਲਾਂ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨ ਅਤੇ ਆਪਣੇ ਪਰਿਵਾਰ ਨਾਲ ਸਬੰਧਤ ਸਹੀ ਤੇ ਮੁਕੰਮਲ ਜਾਣਕਾਰੀ ਦਰਜ ਕਰਵਾ ਕੇ ਜਨਗਣਨਾ-2027 ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
