ਪੈਨਸ਼ਨਰਾਂ ਲਈ ਅਹਿਮ ਖ਼ਬਰ: 19 ਤੋਂ 21 ਨਵੰਬਰ ਤੱਕ ਲੱਗੇਗਾ ਪੈਨਸ਼ਨ ਸੇਵਾ ਮੇਲਾ, ਈ-ਕੇਵਾਈਸੀ ਕਰਵਾਉਣ ਦਾ ਮਿਲੇਗਾ ਮੌਕਾ
- kakkar.news
- November 18, 2026
- Punjab
ਪੈਨਸ਼ਨਰਾਂ ਲਈ ਅਹਿਮ ਖ਼ਬਰ: 19 ਤੋਂ 21 ਨਵੰਬਰ ਤੱਕ ਲੱਗੇਗਾ ਪੈਨਸ਼ਨ ਸੇਵਾ ਮੇਲਾ, ਈ-ਕੇਵਾਈਸੀ ਕਰਵਾਉਣ ਦਾ ਮਿਲੇਗਾ ਮੌਕਾ
ਫਿਰੋਜ਼ਪੁਰ, 18 ਨਵੰਬਰ, 2026 (ਅਨੁਜ ਕੱਕੜ ਟੀਨੂੰ): ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲਾ ਕਰਦਿਆਂ 19 ਤੋਂ 21 ਨਵੰਬਰ ਤੱਕ ਸੂਬੇ ਦੇ ਜ਼ਿਲ੍ਹਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਵਿੱਚ ਪੈਨਸ਼ਨ ਸੇਵਾ ਮੇਲੇ ਲਗਾਏ ਜਾ ਰਹੇ ਹਨ। ਇਸ ਦੌਰਾਨ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਤਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 3 ਨਵੰਬਰ 2025 ਤੋਂ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਸੀ। ਇਸ ਪੋਰਟਲ ਰਾਹੀਂ ਪੈਨਸ਼ਨਰਾਂ ਨੂੰ ਮਹੀਨਾਵਾਰ ਪੈਨਸ਼ਨ ਦੀ ਜਾਣਕਾਰੀ, ਈ-ਪੀਪੀਓ, ਪੈਨਸ਼ਨ ਡਾਟਾ, ਐਲਟੀਸੀ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਲਈ ਸਾਰੇ ਸੇਵਾਮੁਕਤ ਮੁਲਾਜ਼ਮਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨਾ ਲਾਜ਼ਮੀ ਹੈ। ਇਸੇ ਮਕਸਦ ਨਾਲ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫਿਰੋਜ਼ਪੁਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।
ਤਜਿੰਦਰ ਸਿੰਘ ਨੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੀ ਈ-ਕੇਵਾਈਸੀ ਦੀ ਪ੍ਰਕਿਰਿਆ ਪੂਰੀ ਨਹੀਂ ਕਰਵਾਈ, ਉਹ ਨਿਰਧਾਰਤ ਸਮੇਂ ਦੌਰਾਨ ਕੈਂਪ ਵਿੱਚ ਪਹੁੰਚ ਕੇ ਇਸ ਸਹੂਲਤ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪੈਨਸ਼ਨਰ ਇਹ ਸੇਵਾ ਖ਼ਜ਼ਾਨਾ ਦਫ਼ਤਰ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਪ੍ਰਾਪਤ ਕਰ ਸਕਦੇ ਹਨ।
ਕੈਂਪ ਵਿੱਚ ਆਉਣ ਵਾਲੇ ਪੈਨਸ਼ਨਰਾਂ ਨੂੰ ਆਪਣੇ ਨਾਲ ਪੀਪੀਓ ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸਬੁੱਕ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਫੋਨ ਲਿਆਉਣ ਦੀ ਹਦਾਇਤ ਕੀਤੀ ਗਈ ਹੈ।
ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜਿਹੜੇ ਪੈਨਸ਼ਨਰ ਆਪਣੀ ਈ-ਕੇਵਾਈਸੀ ਜਾਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਪੂਰੀ ਨਹੀਂ ਕਰਵਾਉਣਗੇ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਪੈਨਸ਼ਨ ਪ੍ਰਾਪਤ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ ਅਤੇ ਪੈਨਸ਼ਨ ਰੁਕਣ ਦੀ ਸੰਭਾਵਨਾ ਵੀ ਬਣ ਸਕਦੀ ਹੈ। ਇਸ ਲਈ ਉਨ੍ਹਾਂ ਨੇ ਸਾਰੇ ਪੈਨਸ਼ਨਰਾਂ ਨੂੰ ਸਮੇਂ ਸਿਰ ਆਪਣੀ ਪ੍ਰਕਿਰਿਆ ਪੂਰੀ ਕਰਵਾਉਣ ਦੀ ਅਪੀਲ ਕੀਤੀ।
